ਪੱਤਰ ਪ੍ਰੇਰਕ
ਬਠਿੰਡਾ, 27 ਅਕਤੂਬਰ
ਪੰਜਾਬ ਸਰਕਾਰ ਜਲ ਜੀਵਨ ਮਿਸ਼ਨ ਅਧੀਨ ਹਰ ਘਰ ਤੱਕ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਵੱਧ ਅਤੇ ਯਤਨਸ਼ੀਲ ਹੈ। ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ 9 ਬਲਾਕਾਂ ਵਿਚੋਂ 6 ਬਲਾਕਾਂ ’ਚ 100 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਪੱਧਰੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਲ ਜੀਵਨ ਮਿਸ਼ਨ ਅਧੀਨ ਭਾਵੇਂ ਭਾਰਤ ਸਰਕਾਰ ਦਾ ਹਰ ਘਰ ਤੱਕ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਉਣ ਦਾ ਟੀਚਾ 2024 ਮਿੱਥਿਆ ਗਿਆ ਹੈ ਪਰ ਸੂਬਾ ਸਰਕਾਰ ਵੱਲੋਂ ਇਹ ਟੀਚਾ 31 ਦਸੰਬਰ 2022 ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਮਿਸ਼ਨ ਤਹਿਤ ਜ਼ਿਲ੍ਹੇ ਦੇ ਕੁੱਲ 9 ਬਲਾਕਾਂ ਚ 1,61,803 ਘਰ ਸਨ ਜਿਨ੍ਹਾਂ ਚੋਂ 6 ਬਲਾਕਾਂ ਬਠਿੰਡਾ, ਗੋਨਿਆਣਾ, ਭਗਤਾ ਭਾਈਕਾ, ਮੌੜ, ਸੰਗਤ ਅਤੇ ਤੰਲਵੰਡੀ ਸਾਬੋ ਦੇ 1,60,856 ਘਰਾਂ ’ਚ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾ ਕੇ 100 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਵਾਟਰ ਅਫ਼ਸਰ-ਕਮ- ਕਾਰਜਕਾਰੀ ਇੰਜ. ਮਨਪ੍ਰੀਤ ਸਿੰਘ ਅਰਸ਼ੀ, ਜਲ ਸਪਲਾਈ ਵਿਭਾਗ ਮੰਡਲ 2 ਦੇ ਕਾਰਜਕਾਰੀ ਇੰਜਨੀਅਰ ਪਵਨ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਸਹਾਇਕ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਅਮਨਦੀਪ ਸਿੰਘ ਬਰਾੜ ਆਦਿ ਹਾਜ਼ਰ ਸਨ।