ਨਿੱਜੀ ਪੱਤਰ ਪ੍ਰੇਰਕ
ਮੋਗਾ, 5 ਅਕਤੂਬਰ
ਆਈਏਐੱਸ ਅਧਿਕਾਰੀ ਹਰੀਸ਼ ਨਾਇਰ ਨੇ ਅੱਜ ਮੋਗਾ ’ਚ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲ ਲਿਆ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 2009 ਬੈੱਚ ਦੇ ਆਈਏਐੱਸ ਅਧਿਕਾਰੀ ਇਸ ਤੋਂ ਪਹਿਲਾਂ ਵਿਸ਼ੇਸ਼ ਸਕੱਤਰ ਖੇਤੀਬਾੜੀ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਾਲ 2013 ਬੈੱਚ ਦੇ ਆਈਏਐੱਸ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ ਵਿਖੇ ਰੁਜ਼ਗਾਰ ਵਿਭਾਗ ਵਿੱਚ ਬਤੌਰ ਡਾਇਰੈਕਟਰ ਜਨਰਲ, ਐਡੀਸ਼ਨਲ ਮਿਸ਼ਨ ਡਾਇਰੈਕਟਰ ਸਣੇ ਕਈ ਅਹੁਦਿਆਂ ਉਪਰ ਰਹੇ ਹਨ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਬਠਿੰਡਾ ਦੇ ਨਵੇਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਆਪਣਾ ਚਾਰਜ ਸੰਭਾਲਿਆ। ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਰਕਾਰ ਦੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚੇ।
ਬਰਨਾਲਾ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਅੱਜ ਇਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ, ਤਕਨੀਕੀ ਸਿੱੱਖਿਆ ਅਤੇ ਉਦਯੋਗਿਕ ਸਿਖਲਾਈ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਬਠਿੰਡਾ ਦੇ ਨਵੇਂ ਡੀਸੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਬਠਿੰਡਾ ਦੇ ਨਵੇਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਪਣਾ ਅਹੁਦਾ ਸੰਭਾਲਣ ਉਪਰੰਤ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਉਪਰੰਤ ਡਿਪਟੀ ਕਮਿਸ਼ਨਰ ਨੇ ਪੰਗਤ ਤੇ ਸੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।