ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਨਵੰਬਰ
ਕਿਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ। ਵਿਖਾਵਾਕਾਰੀਆਂ ਨੇ ’84 ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੇਂਦਰੀ ਹਕੂਮਤ ਤੋਂ ਮੰਗ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਵਰਨ ਸਿੰਘ ਪੂਹਲੀ ਨੇ ਕਿਹਾ ਕਿ ਕਿਸੇ ਵੀ ਹਕੂਮਤ ਵੱਲੋਂ ਪੀੜਤਾਂ ਨੂੰ ਬਣਦਾ ਇਨਸਾਫ਼ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ’84 ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਸਮੇਤ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਅਤੇ ਬੁੱਧੀਜੀਵੀ ਤਬਕੇ ਦੀਆਂ ਸ਼ਖ਼ਸੀਅਤਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।