ਸ਼ਗਨ ਕਟਾਰੀਆ
ਬਠਿੰਡਾ, 9 ਅਗਸਤ
ਸੀਟੂ, ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਕੌਮੀ ਸੱਦੇ ’ਤੇ ‘ਭਾਰਤ ਛੱਡੋ ਅੰਦੋਲਨ’ ਦੀ ਅੱਜ 79ਵੀਂ ਵਰ੍ਹੇਗੰਢ ਮੌਕੇ ਕਿਰਤੀਆਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਖੁਦ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਚਿਲਡਰਨ ਪਾਰਕ ਵਿੱਚ ਇਕੱਠੇ ਹੋਣ ਪਿੱਛੋਂ ਸ਼ਹਿਰ ਵਿੱਚ ਰੋਸ ਰੈਲੀ ਕੀਤੀ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ’ਤੇ ਦੋਸ਼ ਲਾਇਆ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਆਮ ਆਦਮੀ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ। ਡੀਜ਼ਲ, ਪੈਟਰੌਲ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨ ਕਦੇ ਵੀ ਲਾਗੂ ਨਹੀਂ ਹੋਣ ਦਿੱਤੇ ਜਾਣਗੇ ਅਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਗਈ ਕਿ ਚਾਰ ਕਿਰਤ ਕੋਡ, ਤਿੰਨ ਕਿਸਾਨ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2020 ਰੱਦ ਕੀਤੇ ਜਾਣ। ਆਮਦਨ ਕਰ ਨਾ ਦੇਣ ਵਾਲੇ ਪ੍ਰਤੀ ਪਰਿਵਾਰ ਨੂੰ 7500 ਰੁਪਏ ਪ੍ਰਤੀ ਮਹੀਨਾ ਨਕਦ ਸਹਾਇਤਾ ਦਿੱਤੀ ਜਾਵੇ। ਸਰਕਾਰੀ ਮਹਿਕਮਿਆਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਂਡੀ, ਸੀਟੂ ਆਗੂ ਕਾਮਰੇਡ ਬਲਕਾਰ ਸਿੰਘ, ਇੰਦਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ।