ਪੱਤਰ ਪ੍ਰੇਰਕ
ਬਠਿੰਡਾ, 3 ਸਤੰਬਰ
‘ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਜ਼ਦੂਰਾਂ ਦੀ ਕਰਜ਼ਾ ਮੁਆਫੀ, ਬਿਜਲੀ ਬਿੱਲਾਂ ਦੀ ਮੁਆਫੀ ਤੇ ਪਿਛਲੇ ਬਕਾਏ ਖ਼ਤਮ ਕਰਵਾਉਣ, ਪਲਾਟ ਲੈਣ ਤੇ ਕੱਟੇ ਪਲਾਟਾਂ ਤੇ ਕਬਜ਼ੇ ਲੈਣ, ਜਨਤਕ ਵੰਡ ਪ੍ਰਣਾਲੀ ਰਾਹੀਂ ਲੋੜਵੰਦਾਂ ਨੂੰ ਅਨਾਜ ਦਿਵਾਉਣ ਅਤੇ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਬਿਜਲੀ ਦੇ ਪੱਟੇ ਮੀਟਰ ਲਾਉਣ, ਨੀਲੇ ਕਾਰਡ ਬਨਾਉਣ ਆਦਿ ਮੰਗਾਂ ’ਤੇ ਹੋਈ ਸਹਿਮਤੀ ਨੂੰ ਅਮਲੀ ਰੂਪ ਵਿੱਚ ਲਾਗੂ ਨਾ ਕਰਨ ਵਾਲੀ ਕਾਂਗਰਸ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਰੋਜ਼ ਗਾਰਡਨ ਪੁਲ ਹੇਠ ਰੈਲੀ ਕੀਤੀ ਗਈ। ਦਿਹਾਤੀ ਮਜ਼ਦੂਰ ਸਭਾ ਦੇ ਆਗੂ ਮਹੀਪਾਲ, ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਪ੍ਰਿਤਪਾਲ ਸਿੰਘ ਰਾਮਪੁਰਾ ਤੇ ਤੀਰਥ ਸਿੰਘ ਕੋਠਾ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਮਜ਼ਦੂਰਾਂ ਦੇ ਮਨਾਂ ’ਚ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ, ਸਰਕਾਰ ਨਾਲ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਲਾਗੂ ਕਰਨ ਦੀ ਢਿੱਲੀ ਕਾਰਜਗੁਜ਼ਾਰੀ ਅਤੇ ਸਰਕਾਰ ਦੇ ਸਮੁੱਚੇ ਦਲਿਤ ਵਿਰੋਧੀ ਕਿਰਦਾਰ ਖ਼ਿਲਾਫ਼ ਤਿੱਖਾ ਵਿਰੋਧ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਪ੍ਰਤੀ ਇਹੋ ਵਤੀਰਾ ਜਾਰੀ ਰੱਖਿਆ ਤਾਂ 13 ਸਤੰਬਰ ਨੂੰ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਹੇਠ ਨਿਊ ਮੋਤੀ ਬਾਗ ਪੈਲੇਸ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੀਆਂ 7 ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਸੱਦੇ ਮੁਤਾਬਕ ਅੱਜ ਫ਼ਰੀਦਕੋਟ ਵਿਖੇ ਮਜ਼ਦੂਰਾਂ ਨੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਡੀ.ਸੀ. ਦਫ਼ਤਰ ਵੱਲ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਹਿਲ ਕਲਾਂ (ਪੱਤਰ ਪ੍ਰੇਰਕ): ਪੰਜਾਬ ਦੀਆਂ ਸੱਤ ਮਜ਼ਦੂਰ ਜਥੇਬੰਦੀਆਂ ’ਤੇ ਆਧਾਰਿਤ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰਾਂ ਵੱਲੋਂ ਅੱਜ ਵਰ੍ਹਦੇ ਮੀਂਹ ’ਚ ਮਹਿਲ ਕਲਾਂ ਵਿਖੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਬਰਨਾਲਾ (ਖੇਤਰੀ ਪ੍ਰਤੀਨਿਧ): ਸਾਂਝੇ ਮਜ਼ਦੂਰ ਜਥੇਬੰਦੀਆਂ ਮੋਰਚੇ ਦੇ ਸੱਦੇ ’ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਆਗੂ ਕਾਮਰੇਡ ਕਰਨੈਲ ਸਿੰਘ ਠੀਕਰੀਵਾਲਾ ਦੀ ਅਗਵਾਈ ਹੇਠ ਮਜ਼ਦੂਰ ਮੰਗਾਂ/ਮਸਲਿਆਂ ਦੇ ਹੱਲ ਤੋਂ ਅਵੇਸਲੀ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਸਥਾਨਕ ਲੇਬਰ ਚੌਕ ਵਿੱਚ ਅਰਥੀ ਸਾੜੀ ਗਈ।
ਲੰਬੀ (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਸਿੰਘੇਵਾਲਾ ਅਤੇ ਫਤੂਹੀਵਾਲਾ ਵਿਖੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਕਸਬਾ ਬੋਹਾ, ਤਪਾ ਤੇ ਏਲਨਾਬਾਦ ਵਿਚ ਵੀ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ।