ਪੱਤਰ ਪ੍ਰੇਰਕ
ਬਠਿੰਡਾ, 16 ਜੂਨ
ਕਰੀਬ ਤਿੰਨ ਹਫ਼ਤਿਆਂ ਬਾਅਦ ਸਰਹਿੰਦ ਨਹਿਰ ਵਿੱਚ ਪਾਣੀ ਦੀ ਸਪਲਾਈ ਬਹਾਲ ਹੋਣ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ। ਝੋਨੇ ਦਾ ਸੀਜ਼ਨ ਅਤੇ ਕਪਾਹ, ਸਬਜ਼ੀਆਂ, ਦਾਲਾਂ, ਹਰੇ ਚਾਰੇ ਅਤੇ ਹੋਰ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਦੀ ਲੋੜ ਸੀ ਪਰ ਨਹਿਰਾਂ ਵਿੱਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਸੀ। ਇੱਥੋਂ ਤੱਕ ਕਿ ਟਿਊਬਵੈੱਲਾਂ ਨੂੰ ਬਿਜਲੀ ਦੀ ਸਪਲਾਈ ਵੀ ਘਟਾ ਦਿੱਤੀ ਗਈ ਸੀ। ਵਿਭਾਗੀ ਸੂਤਰਾਂ ਅਨੁਸਾਰ ਜੇਕਰ ਸਰਕਾਰ ਸਿੱਧੀ ਬਿਜਾਈ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਨੂੰ ਵਧਾਉਣ ਬਾਰੇ ਚਿੰਤਤ ਸੀ, ਤਾਂ ਉਸ ਨੂੰ ਕਿਸਾਨਾਂ ਨੂੰ ਸਹੀ ਪਾਣੀ ਦੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਸੀ। ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਵਿਭਾਗ 10 ਹਜ਼ਾਰ ਹੈਕਟੇਅਰ ਰਕਬੇ ਵਿੱਚ ਹੀ ਝੋਨੇ ਦੀ ਸਿੱਧੀ ਬਿਜਾਈ ਵਿੱਚ ਸਫ਼ਲ ਹੋਇਆ ਹੈ।