ਸ਼ਗਨ ਕਟਾਰੀਆ
ਬਠਿੰਡਾ, 30 ਅਪਰੈਲ
ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਰੱਦ ਕਰਨ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਅੱਜ ਇੱਥੇ ਮਿਨੀ ਸਕੱਤਰੇਤ ਸਾਹਮਣੇ ਪ੍ਰਦਰਸ਼ਨ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਜੱਗੀ ਅਤੇ ਦਲ ਖ਼ਾਲਸਾ ਦੇ ਆਗੂ ਗੁਰਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਦੀ ਪੜਤਾਲ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ‘ਸਿੱਟ’ ਵੱਲੋਂ ਤੱਥਾਂ ਦੇ ਆਧਾਰ ’ਤੇ ਪੁਖ਼ਤਾ ਢੰਗ ਨਾਲ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੱਡੇ ਆਗੂਆਂ ਦੇ ਨਾਂ ਇਸ ਵਿੱਚ ਆਉਣ ਲੱਗੇ ਤਾਂ ਰਿਪੋਰਟ ਰੱਦ ਕਰਨ ਦੇ ਹੁਕਮ ਜਾਰੀ ਹੋ ਗਏ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਿੱਟ ਤੋਂ ਵੱਖ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸੰਵੇਦਨਸ਼ੀਲ ਹੈ ਪਰ ਸਮੇਂ ਦੀਆਂ ਸਰਕਾਰਾਂ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਸਰਕਾਰ ਦਾ ਦੋਸ਼ੀਆਂ ਨੂੰ ਬਚਾਉਣ ਲਈ ਪੂਰਾ ਤਾਣ ਲੱਗਾ ਰਿਹਾ ਅਤੇ ਹੁਣ ਉਹੀ ਰਾਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਫੜ ਲਿਆ ਹੈ। ਸ਼ਹਿਰ ਦੇ ਮੁਲਤਾਨੀਆ ਰੋਡ ’ਤੇ ਵੀ ਪੰਥਕ ਅਕਾਲੀ ਲਹਿਰ ਦੇ ਵਰਕਰਾਂ ਨੇ ਅਦਾਲਤ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ।