ਸ਼ਗਨ ਕਟਾਰੀਆ
ਬਠਿੰਡਾ , 24 ਅਕਤੂਬਰ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਸੋਹੀ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ।
ਸੰਖੇਪ ਸਮਾਗਮ ਦੌਰਾਨ ਹੋਈ ਇਸ ਰਸਮ ਮੌਕੇ ਐਡਵੋਕੇਟ ਸੁਰਜੀਤ ਸੋਹੀ, ਅਮਨਦੀਪ ਸੋਹੀ ਅਤੇ ਨਿਰਮਲ ਸੋਹੀ ਸਮੇਤ ਸਮੁੱਚਾ ਸੋਹੀ ਪਰਿਵਾਰ ਅਤੇ ਉਨ੍ਹਾਂ ਦੇ ਸਾਥੀ ਕਾਂਗਰਸ ਵਿੱਚ ਸ਼ਾਮਲ ਹੋਏ। ਸੁਰਜੀਤ ਸਿੰਘ ਸੋਹੀ ਨੇ ਆਖਿਆ ਕਿ ਉਹ ਵਿੱਤ ਮੰਤਰੀ ਵੱਲੋਂ ਸ਼ਹਿਰ ਲਈ ਕੀਤੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਲਈ ਵਿੱਤ ਮੰਤਰੀ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਐਡਵੋਕੇਟ ਸੋਹੀ ਲੰਮਾ ਅਰਸਾ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨਾਲ ਸਿਆਸੀ ਤੌਰ ’ਤੇ ਜੁੜੇ ਰਹੇ। ਉਨ੍ਹਾਂ ਬਠਿੰਡਾ (ਦਿਹਾਤੀ) ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜੀ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਐਡਵੋਕੇਟ ਸੋਹੀ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਧੂਰੇ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿੱਤ ਮੰਤਰੀ ਦੀ ਜੀਵਨ ਸਾਥਣ ਵੀਨੂੰ ਬਾਦਲ, ਜੈਜੀਤ ਜੌਹਲ, ਅਰੁਣ ਵਧਾਵਨ, ਕੇ ਕੇ ਅਗਰਵਾਲ, ਪਵਨ ਮਾਨੀ, ਹਰਮੰਦਰ ਸਿੱਧੂ ਸਮੇਤ ਹੋਰ ਪਤਵੰਤੇ ਮੌਜੂਦ ਸਨ।