ਮਨੋਜ ਸ਼ਰਮਾ
ਬਠਿੰਡਾ, 11 ਜੁਲਾਈ
ਬੀਕੇਯੂ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਭਾਰਤਮਾਲਾ ਪ੍ਰਾਜੈਕਟ (ਬੀਐਮਪੀ) ਤਹਿਤ ਸੜਕ ਚੌੜੀ ਕਰਨ ਦੇ ਪ੍ਰਾਜੈਕਟ ਖ਼ਿਲਾਫ਼ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਵਿਖੇ ਸਾਢੇ ਚਾਰ ਮਹੀਨਿਆਂ ਤੋਂ ਧਰਨਾ ਜਾਰੀ ਰੱਖਿਆ ਹੋਇਆ ਹੈ। ਇਹ ਅੰਦੋਲਨ 25 ਫਰਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਉਦੋਂ ਤੋਂ ਹੀ ਕਿਸਾਨਾਂ ਵੱਲੋਂ ਪ੍ਰਾਜੈਕਟ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੀ ‘ਵਾਜਬ ਕੀਮਤ’ ਦੀ ਮੰਗ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨ ਰਵੱਈਏ ਦਾ ਹਵਾਲਾ ਦਿੰਦੇ ਹੋਏ ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਹੁਣ ਸੰਕੇਤਕ ਧਰਨਾ ਦੇਣ ਦੀ ਬਜਾਏ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ। ਬੀ.ਕੇ.ਯੂ ਉਗਰਾਹਾਂ ਦੇ ਸੰਗਤ ਬਲਾਕ ਦੇ ਪ੍ਰਧਾਨ ਕੁਲਵੰਤ ਸ਼ਰਮਾ ਨੇ ਕਿਹਾ ਕਿ ਕਰੀਬ 4 ਮਹੀਨਿਆਂ ਤੋਂ ਉਹ ਬਾਹਰ ਅਤਿ ਦੀ ਗਰਮੀ ’ਚ ਧਰਨੇ ’ਤੇ ਬੈਠੇ ਹਨ ਪਰ ਇਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ ਅਤੇ ਅੰਦੋਲਨ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਰਾਜ ਮਾਰਗਾਂ ਨੂੰ ਜਾਮ ਕਰਨ ਦਾ ਫੈਸਲਾ ਜਾਂ ਆਪਣੇ ਅੰਦੋਲਨ ਦਾ ਸਥਾਨ ਡੀਸੀ ਦਫਤਰ ਦੇ ਬਾਹਰ ਤਬਦੀਲ ਕੀਤਾ ਜਾਵੇਗਾ। ਪ੍ਰਸ਼ਾਸਨ ਦੇ ਉਦਾਸੀਨ ਰੁਖ ਪ੍ਰਤੀ ਡੂੰਘੀ ਨਾਰਾਜ਼ਗੀ ਜ਼ਾਹਿਰ ਕਰਨ ਲਈ ਉਹ ਮੀਟਿੰਗਾਂ ਕਰ ਰਹੇ ਹਨ ਅਤੇ ਧਰਨੇ ਦੇ ਹੋਰ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ।