ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 6 ਮਾਰਚ
ਪੁਲੀਸ ਨੇ ਨਾਜਾਇਜ਼ ਸ਼ਰਾਬ ਦੀਆਂ 125 ਪੇਟੀਆਂ ਬਰਾਮਦ ਕੀਤੀਆਂ ਹਨ ਅਤੇ ਇਸ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਥਾਣਾ ਮੁਖੀ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਤੋਂ ਉੱਤਰ ਪ੍ਰਦੇਸ਼ ਨੰਬਰ ਦੇ ਇੱਕ ਟਰੱਕ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਚੰਡੀਗੜ੍ਹ ਅੰਬਾਲਾ ਕੌਮੀ ਮਾਰਗ ’ਤੇ ਮੈਕ ਡੌਨਲਡ ਚੌਂਕ ’ਤੇ ਨਾਕਾ ਲਾਇਆ ਹੋਇਆ ਸੀ। ਜਦੋਂ ਸ਼ੱਕ ਦੇ ਆਧਾਰ ’ਤੇ ਇੱਕ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਚੰਡੀਗੜ੍ਹ ਦੀ ਅੰਗਰੇਜ਼ੀ ਸ਼ਰਾਬ ਦੀਆਂ 125 ਪੇਟੀਆਂ ਬਰਾਮਦ ਹੋਈਆਂ। ਉਨ੍ਹਾਂ ਨੇ ਟਰੱਕ ਵਿੱਚ ਗੱਦਿਆਂ ਦੇ ਹੇਠਾਂ ਸ਼ਰਾਬ ਲੁਕੋਈ ਹੋਈ ਸੀ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਜ ਕੁਮਾਰ ਵਾਸੀ ਭਰਪੂਵਾਲਾ ਹਿਸਾਰ (ਹਰਿਆਣਾ), ਆਸ਼ ਮੁਹੰਮਦ ਵਾਸੀ ਆਗਰਾ (ਉੱਤਰ ਪ੍ਰਦੇਸ਼) ਅਤੇ ਸ਼ੇਖਰ ਕੁਮਾਰ ਵਾਸੀ ਦੀਨਾਨਾਥ ਕਲੋਨੀ ਨੂਰਵਾਲਾ ਪਾਣੀਪਤ (ਹਰਿਆਣਾ) ਵਜੋਂ ਹੋਈ ਹੈ।