ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁਲ ਨੂੰ ਭਿਖਾਰੀ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਚੰਡੀਗੜ੍ਹ ਪੁਲੀਸ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕਰ ਰਹੀ ਹੈ। ਪੁਲੀਸ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 13 ਜਣਿਆਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਸ਼ਿਵਾ ਵਾਸੀ ਮਲੋਆ, ਸ਼ਿਵਾ ਵਾਸੀ ਹੱਲੋਮਾਜਰਾ, ਦੀਪਕ, ਕਰਨੈਲ ਸਿੰਘ, ਸੁਰਿੰਦਰ ਕੁਮਾਰ ਵਾਸੀ ਕਰਨਾਲ, ਬਿਸ਼ੰਬਰ ਤੇ ਚੌਧਰੀ ਵਾਸੀ ਉੱਤਰ ਪ੍ਰਦੇਸ਼ ਅਤੇ ਸ਼ੰਕਰੀਨ ਵਾਸੀ ਚੰਡੀਗੜ੍ਹ ਦੇ ਨਾਮ ਸ਼ਾਮਲ ਹਨ। ਇਨ੍ਹਾਂ ਨੂੰ ਪੁਲੀਸ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਇਕ ਮਹੀਨਾ ਮੁਹਿੰਮ ਚਲਾ ਕੇ ਲੋਕਾਂ ਨੂੰ ਭੀਖ ਨਾ ਦੇਣ ਬਾਰੇ ਅਤੇ ਭੀਖ ਮੰਗਣ ਵਾਲਿਆਂ ਨੂੰ ਭੀਖ ਮੰਗਣੀ ਛੱਡ ਕੰਮ ਕਰਨ ਲਈ ਪ੍ਰੇਰਿਤ ਕੀਤਾ ਸੀ। ਇਸ ਦੌਰਾਨ ਯੂਟੀ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਦੀ ਮਦਦ ਨਾਲ ਨਾਬਾਲਗਾਂ ਨੂੰ ਕਾਬੂ ਕਰ ਕੇ ਸਨੋਹਾਲੇ ਵਿੱਚ ਭਰਤੀ ਕਰਵਾ ਦਿੱਤਾ ਸੀ। ਦੂਜੇ ਪਾਸੇ, ਭੀਖ ਮੰਗਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਸੀ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਵਿੱਚ ਭੀਖ ਮੰਗਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਾਲੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ‘ਨੇਕੀ ਕੀ ਦੀਵਾਰ’ ਰਾਹੀਂ ਲੋੜਵੰਦਾਂ ਤੱਕ ਬਣਦੀ ਮਦਦ ਪਹੁੰਚਾਉਣ ਦੀ ਅਪੀਲ ਕੀਤੀ।