ਪੱਤਰ ਪ੍ਰੇਰਕ
ਭੁੱਚੋ ਮੰਡੀ, 5 ਸਤੰਬਰ
ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਸਥਿਤ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਵਿੱਚੋਂ ਕਥਿਤ ਤੌਰ ’ਤੇ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਦਾ ਮੋਰਚਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਵਾਲਮਾਰਟ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੌਕਰੀਆਂ ਬਹਾਲ ਕਰਨ ਦੀ ਮੰਗ ਦੁਹਰਾਈ। ਮੁਲਾਜ਼ਮ ਆਗੂ ਜਸਪ੍ਰੀਤ ਸਿੰਘ, ਹਰਜੀਤ ਸਿੰਘ, ਨਿਰਮਲ ਸ਼ਰਮਾ, ਹਰਮਨ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਰੀਬ ਦਸ ਸਾਲਾਂ ਤੋਂ ਲਗਾਤਾਰ ਬੈਸਟ ਪ੍ਰਾਈਸ ਮਾਲ ਵਿੱਚ ਕੰਮ ਕਰ ਰਹੇ ਸਨ ਪਰ ਕੰਪਨੀ ਦੇ ਅਧਿਕਾਰੀ ਸਟਾਫ਼ ਨੂੰ ਹੋਰਨਾਂ ਮਾਲਾਂ ਵਿੱਚ ਤਬਦੀਲ ਹੋਣ ਦੀ ਸ਼ਰਤ ਰੱਖ ਕੇ ਟੇਢੇ ਢੰਗ ਨਾਲ ਨੌਕਰੀ ਤੋਂ ਫਾਰਗ ਕਰਨ ’ਤੇ ਲੱਗੀ ਹੋਈ ਹੈ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬਲਾਕ ਆਗੂ ਗੁਰਜੰਟ ਸਿੰਘ ਨੇ ਕਿਹਾ ਕਿ ਜੇਕਰ ਕੰਪਨੀ ਨੇ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਤਾਂ ਉਹ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਵਾਲਮਾਰਟ ਕੰਪਨੀ ਦੇ ਪੰਜਾਬ ਵਿਚਲੇ ਸਾਰੇ ਪੰਜ ਮਾਲ ਚੱਲਣ ਨਹੀਂ ਦਿੱਤੇ ਜਾਣਗੇ।