ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਸਤੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ ਇੱਕ ਮੈਡੀਸਨ ਮਾਹਰ, 9 ਐਨੇਸਥੀਸੀਆ ਮਾਹਰ, 4 ਬੱਚਿਆਂ ਦੇ ਮਾਹਰ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਰੋਗ ਦਾ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਤੇ 2 ਫੌਰੈਂਸਿਕ ਮੈਡੀਸਨ ਮਾਹਰ ਸ਼ਾਮਲ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ। ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀਬੀ ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਮੰਤਰੀ ਦੇ ਓਐੱਸਡੀ ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ, ਸਟੇਟ ਹੈਲਥ ਐਜੂਕੇਟਰ ਜਗਜੀਵਨ ਸ਼ਰਮਾ, ਕਲਾਕਾਰ ਜਗਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।