ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਸਿੱਖ ਧਰਮ ਸਬੰਧੀ ਚਿੰਨ੍ਹ ਪਹਿਨ ਕੇ ਆਉਣ ਤੋਂ ਰੋਕਣ ਦੇ ਲਏ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸਰਕਾਰੀ ਨੌਕਰੀਆਂ ਲਈ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਇਸ ਸਬੰਧੀ ਉਮੀਦਵਾਰਾਂ ਨੂੰ ਪੱਤਰ ਭੇਜੇ ਗਏ ਹਨ, ਜਿਸ ਵਿੱਚ ਲਿਖਿਆ ਗਿਆ ਹੈ ਕਿ ਕੋਈ ਵੀ ਉਮੀਦਵਾਰ ਧਾਰਮਿਕ ਚਿੰਨ੍ਹ ਪਹਿਨ ਕੇ ਨਾ ਆਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕਕਾਰ ਜਾਨ ਤੋਂ ਵੀ ਵੱਧ ਪਿਆਰੇ ਹਨ। ਭਾਰਤ ਦਾ ਸੰਵਿਧਾਨ ਦੇਸ਼ ਵਾਸੀਆਂ ਨੂੰ ਧਾਰਮਿਕ ਆਜ਼ਾਦੀ ਮੁਹੱਈਆ ਕਰਦਾ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰ ਲਈ ਕਿਹਾ ਹੈ।