ਹਰਜੀਤ ਸਿੰਘ
ਡੇਰਾਬੱਸੀ, 2 ਸਤੰਬਰ
ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ ਵੱਲੋਂ ਅੱਜ ਸੱਦੀ ਗਈ ਇੱਕ ਪ੍ਰੈੱਸ ਕਾਨਫਰੰਸ ’ਚ ਦੋਸ਼ ਲਾਇਆ ਗਿਆ ਕਿ ਹਲਕਾ ਡੇਰਾਬੱਸੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਨੂੰ ਜਾਤੀਸੂਚਕ ਸ਼ਬਦ ਬੋਲਣ ਅਤੇ ਉਸ ਨੂੰ ਫੈਸਲੇ ਲਈ ਆਪਣੇ ਦਫ਼ਤਰ ਵਿੱਚ ਬੁਲਾ ਕੇ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨਿਆਂਇਕ ਹਿਰਾਸਤ ਹੇਠ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਹਮਾਇਤ ਵਿੱਚ ਲੰਘੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਸ੍ਰੀ ਸ਼ਰਮਾ ਨੇ ਦੋਸ਼ ਲਾਇਆ ਕਿ ਹਲਕਾ ਡੇਰਾਬੱਸੀ ਵਿੱਚ ਕਾਂਗਰਸ ਹਾਈ ਕਮਾਂਡ ਵੱਲੋਂ ਕਾਂਗਰਸ ਦੀ ਸਰਕਾਰ ਵੇਲੇ ਹਲਕਾ ਡੇਰਾਬੱਸੀ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਫੈਲਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸਦਾ ਮੁੱਖ ਮੋਹਰਾ ਰਣਜੀਤ ਸਿੰਘ ਰੈਡੀ ਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਹਲਕੇ ਵਿੱਚੋਂ ਹਜ਼ਾਰਾਂ ਕਰੋੜ ਰੁਪਏ ਭ੍ਰਿਸ਼ਟਾਚਾਰ ਕਰ ਕਮਾਏ ਕੇ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਡਰ ਹੈ ਕਿ ਸ੍ਰੀ ਰੈਡੀ ਹੁਣ ਆਪਣਾ ਮੂੰਹ ਨਾ ਖੋਲ੍ਹ ਦੇਣ ਜਿਸ ਲਈ ਉਹ ਇਸ ਉਨ੍ਹਾਂ ਦੇ ਬਚਾਅ ਵਿੱਚ ਆ ਰਹੇ ਹਨ।
ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਸਬੂਤਾਂ ਸਮੇਤ ਨਗਰ ਕੌਂਸਲ ਜ਼ੀਰਕਪੁਰ, ਲਾਲੜੂ ਅਤੇ ਡੇਰਾਬੱਸੀ ਦੇ ਪ੍ਰਧਾਨਾਂ ਖ਼ਿਲਾਫ਼ ਲਗਾਤਾਰ ਪ੍ਰੈੱਸ ਕਾਨਫਰੰਸ ਕਰਨ ਤੋਂ ਇਲਾਵਾ ਲਿਖਤੀ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਇਸਦੇ ਬਾਵਜੂਦ ਇਸ ਸਰਕਾਰ ਵੱਲੋਂ ਤਕਰੀਬਨ ਛੇ ਮਹੀਨੇ ਲੰਘ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਸਪੱਸ਼ਟ ਹੈ ਕਿ ਇਸ ਸਰਕਾਰ ਦੀ ਕਾਂਗਰਸ ਨਾਲ ਸਮਝੌਤਾ ਹੋ ਚੁੱਕਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਵੱਲੋਂ ਇੱਥੋਂ ਦੇ ਮੁਬਾਰਕਪੁਰ ਵਿੱਚ ਦਿੱਲੀ ਦੇ ਵਸਨੀਕ ਇੱਕ ਮ੍ਰਿਤਕ ਵਿਅਕਤੀ ਦੇ ਜਾਅਲੀ ਦਸਤਾਵੇਜ ਹੇਠ ਜ਼ਮੀਨ ਵੇਚ ਦਿੱਤੀ ਗਈ ਸੀ ਜਿਸਦੀ ਸ਼ਿਕਾਇਤ ਪੁਲੀਸ ਨੂੰ ਕਰਨ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੈਬ ਪੇਜ਼ ’ਤੇ ਵੀ ਕੀਤੀ ਗਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਨਗਰ ਕੌਂਸਲ ਲਾਲੜੂ ਦਾ ਪ੍ਰਧਾਨ ਤਕਰੀਬਨ 100 ਏਕੜ ਵਿੱਚ ਖੜ੍ਹੀ ਕਿੱਕਰਾਂ ਦੇ ਦਰਖ਼ਤਾਂ ਨੂੰ ਸਿਰਫ਼ ਪੌਣੇ ਦੋ ਲੱਖ ਰੁਪਏ ਵਿੱਚ ਕਟਵਾ ਰਹੇ ਸਨ ਜਿਸਦਾ ਕੰਮ ਬੰਦ ਕਰਵਾਉਣ ਤੋਂ ਇਲਾਵਾ ਸ਼ਿਕਾਇਤ ਕੀਤੀ ਗਈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰ੍ਹਾਂ ਜ਼ੀਰਕਪੁਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਵੱਲੋਂ ਨਾਭਾ ਸਾਹਿਬ ਵਿੱਚ ਬਿਨਾਂ ਕੰਮ ਪੂਰਾ ਹੋਏ ਨਿਯਮਾਂ ਤੋਂ ਉੱਲਟ 24 ਲੱਖ ਰੁਪਏ ਦੀ ਪੇਮੈਂਟ ਕਰ ਦਿੱਤੀ ਗਈ। ਇਸ ਤੋਂ ਇਲਾਵਾ ਇਕ ਕਰੋੜ ਰੁਪਏ ਦੀ ਸਮਰੱਥਾ ਵਾਲੇ ਆਪਣੇ ਚਹੇਤੇ ਠੇਕੇਦਾਰ ਨੂੰ ਅੱਠ ਕਰੋੜ ਰੁਪਏ ਦੇ ਟੈਂਡਰ ਅਲਾਟ ਕਰ ਕੇ ਨਿਯਮਾਂ ਦੀ ਅਣਦੇਖੀ ਕੀਤੀ ਗਈ।
ਸ਼ਰਮਾ ਝੂਠੇ ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ: ਢਿੱਲੋਂ
ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਐੱਨ.ਕੇ. ਸ਼ਰਮਾ ਦਾ ਵਜੂਦ ਖ਼ਤਮ ਹੋ ਚੁੱਕਾ ਹੈ ਜੋ ਹੁਣ ਬੁਰੀ ਤਰ੍ਹਾਂ ਬੌਖਲਾ ਗਏ ਹਨ ਅਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੌਂਸਲ ਪ੍ਰਧਾਨ ਖ਼ਿਲਾਫ਼ ਬਿਨਾਂ ਸਬੂਤ ਤੋਂ ਸਿਆਸੀ ਰੰਜਿਸ਼ ਹੇਠ ਸ਼ਰ੍ਹੇਆਮ ਧੱਕੇਸ਼ਾਹੀ ਕਰਦੇ ਹੋਏ ਕੇਸ ਦਰਜ ਕੀਤਾ ਗਿਆ ਸੀ ਜਿਸ ਖ਼ਿਲਾਫ਼ ਕਾਂਗਰਸ ਵੱਲੋਂ ਲਗਾਤਾਰ ਆਵਾਜ਼ ਚੁੱਕੀ ਜਾਵੇਗੀ।