ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੁਲਾਈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਿਟਸ ਦੀ ਵੱਟਸਐਪ ’ਤੇ ਤਸਵੀਰ ਲਗਾ ਕੇ ਲੋਕਾਂ ਨਾਲ ਧੋਖਾਧੜੀ ਦੀ ਕੋਸ਼ਿਸ਼ ਕਰਨ ਦਾ ਨਿਵੇਕਲਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੰਯੁਕਤ ਰਜਿਸਟਰਾਰ ਸੰਜੀਵ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੁਝ ਵਿਅਕਤੀਆਂ ਵੱਲੋਂ ਚੀਫ਼ ਜਸਿਟਸ ਦੀ ਤਸਵੀਰ ਵੱਟਸਐਪ ’ਤੇ ਲਗਾ ਕੇ ਰੁਪਏ ਅਤੇ ਐਮੇਜ਼ੋਨ ਗਿਫ਼ਟ ਦੀ ਮੰਗ ਕੀਤੀ ਜਾ ਰਹੀ ਹੈ।
ਹਾਈ ਕੋਰਟ ਦੇ ਕੁਝ ਅਧਿਕਾਰੀਆਂ ਨੂੰ ਚੀਫ਼ ਜਸਟਿਸ ਦੀ ਤਸਵੀਰ ਵਾਲੇ ਵੱਟਸਐਪ ਨੰਬਰ ਤੋਂ ਫੋਨ ਰਾਹੀਂ ਰੁਪਏ ਦੀ ਮਦਦ ਅਤੇ ਐਮੇਜ਼ੋਨ ਗਿਫ਼ਟ ਦੀ ਮੰਗ ਕੀਤੀ ਗਈ। ਇਸ ਸਬੰਧੀ ਉਕਤ ਅਧਿਕਾਰੀਆਂ ਨੇ ਹਾਈ ਕੋਰਟ ਦੇ ਸੰਯੁਕਤ ਰਜਿਸਟਰਾਰ ਨੂੰ ਸੂਚਿਤ ਕੀਤਾ ਤਾਂ ਸੰਯੁਕਤ ਰਜਿਸਟਰਾਰ ਸੰਜੀਵ ਕੁਮਾਰ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ। ਥਾਣਾ ਸੈਕਟਰ-3 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।