ਐੱਸਏਐੱਸ ਨਗਰ (ਮੁਹਾਲੀ): ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਮੁੱਖ ਆਗੂਆਂ ਦਾ ਵਫ਼ਦ ਨੰਬਰਦਾਰ ਤਰਲੋਚਨ ਸਿੰਘ ਮਾਨ ਬਲੌਂਗੀ ਦੀ ਅਗਵਾਈ ਹੇਠ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੂੰ ਮਿਲਿਆ ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਅਤੇ ਨੰਬਰਦਾਰਾਂ ਦਾ ਮਾਣ ਭੱਤਾ 1500 ਰੁਪਏ ਤੋਂ ਵਧਾ ਕੇ ਘੱਟੋ-ਘੱਟ 5 ਹਜ਼ਾਰ ਰੁਪਏ ਕੀਤਾ ਜਾਵੇ। ਨੰਬਰਦਾਰਾਂ ਨੂੰ ਤਹਿਸੀਲ ਦਫ਼ਤਰਾਂ ਵਿੱਚ ਬਣਦਾ ਮਾਣ-ਸਨਮਾਨ ਮਿਲਣਾ ਯਕੀਨੀ ਬਣਾਇਆ ਜਾਵੇ। ਸ੍ਰੀ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਉਹ ਮਾਲ ਮੰਤਰੀ ਨਾਲ ਗੱਲ ਕਰਨਗੇ ਤੇ ਨੰਬਰਦਾਰਾਂ ਦੀਆਂ ਜੱਦੀ ਪੁਸ਼ਤੀ ਦੀ ਮੰਗ ਅਤੇ ਹੋਰ ਜਾਇਜ਼ ਮੰਗਾਂ ਪੂਰੀਆਂ ਕਰਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। -ਪੱਤਰ ਪ੍ਰੇਰਕ