ਪੱਤਰ ਪ੍ਰੇਰਕ
ਕੁਰਾਲੀ, 12 ਅਕਤੂਬਰ
ਸਥਾਨਕ ਨਗਰ ਕੌਂਸਲ ਦੀ ਹੱਦ ਵਿੱਚ ਪੈਂਦੇ ਚਨਾਲੋਂ ਦੇ ਉਦਯੋਗਿਕ ਫੋਕਲ ਪੁਆਇੰਟ ਵਿੱਚ ਅੱਜ ਲੱਗੀ ਅੱਗਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਵਿੱਚ ਫੈਕਟਰੀਆਂ ਦੇ ਵਿਚਕਾਰ ਪਈ ਖਾਲੀ ਜਗ੍ਹਾ ਵਿੱਚ ਪਏ ਸਕਰੈਪ ਨੂੰ ਅੱਜ ਸ਼ਾਮ ਵੇਲੇ ਅਚਾਨਕ ਅੱਗ ਲੱਗ ਗਈ। ਕੁਝ ਸਮੇਂ ਵਿੱਚ ਹੀ ਅੱਗ ਲਪਟਾਂ ਦਾ ਰੂਪ ਧਾਰਨ ਕਰ ਗਈ ਅਤੇ ਨਾਲ ਲਗਦੀਆਂ ਫੈਕਟਰੀਆਂ ਦੇ ਮਾਲਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸੇ ਦੌਰਾਨ ਇੰਡਸਟਰੀਅਲ ਐਸੋਸੀਏਸ਼ਨ ਦੇ ਆਗੂ ਹਰਚਰਨ ਸਿੰਘ ਨੇ ਇਸ ਸਬੰਧੀ ਤੁਰੰਤ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਕੁਝ ਸਮੇਂ ਬਾਅਦ ਹੀ ਖਰੜ ਅਤੇ ਮੁਹਾਲੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ ਜਿਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸੇ ਦੌਰਾਨ ਹਰਚਰਨ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਇਹ ਅੱਗ ਕਬਾੜੀਏ ਦੇ ਸਕਰੈਪ ਨੂੰ ਲੱਗੀ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੇ ਵਰਤੀ ਫੁਰਤੀ ਕਾਰਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਆਉਣ ਕਾਰਨ ਵੱਡਾ ਹਾਦਸਾ ਹੋਣੋਂ ਬਚ ਗਿਆ।