ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 27 ਅਕਤੂਬਰ
ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ ਦੀ ਪ੍ਰਧਾਨਗੀ ਹੇਠ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਮਾਤਰੀ ਮੌਤਾਂ ਦੇ ਕੇਸਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਜੱਚਾ ਦੀ ਮੌਤ ਦੀ ਦਰ ਘਟਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਮੌਤਾਂ ਬਾਰੇ ਖ਼ਾਮੀਆਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਡਾ. ਨਿਧੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ’ਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜ਼ੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜੇਕਰ ਸਿਹਤ ਕੇਂਦਰ ਵਿੱਚ ਕੋਈ ਵੀ ਗਰਭਵਤੀ ਮਾਂ ਨੂੰ ਪਹਿਲੀ ਵਾਰ ਚੈੱਕਅਪ ਦੌਰਾਨ ਹੀ ਹਾਈ ਰਿਸਕ ਲੱਗੇ ਤਾਂ ਉਸ ਮਰੀਜ਼ ਨੂੰ ਤੁਰੰਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਰੈਫ਼ਰ ਕੀਤਾ ਜਾਵੇ। ਮਰੀਜ਼ ਦੇ ਵਾਰਸ ਨੂੰ ਇਹ ਸਮਝਾਇਆ ਜਾਵੇ ਕਿ ਮਾਂ ਅਤੇ ਬੱਚੇ ਦੀ ਜਾਨ ਨੂੰ ਖ਼ਤਰਾ ਕਿਵੇਂ ਘਟਾਇਆ ਜਾ ਸਕਦਾ ਹੈ ਅਤੇ ਇਹ ਸਭ ਕੁੱਝ ਗਰਭਵਤੀ ਮਾਵਾਂ ਨੂੰ ਵੀ ਦੱਸਣਾ ਯਕੀਨੀ ਬਣਾਇਆ ਜਾਵੇ।