ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਸਤੰਬਰ
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਤੇ ਸੀਨੀਅਰ ‘ਆਪ’ ਆਗੂ ਵਿਨੀਤ ਵਰਮਾ ਨੇ ਅੱਜ ਮੁਹਾਲੀ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬਰਾਂਚ ਦਾ ਦੌਰਾ ਕਰਕੇ ਟੈਕਸ ਵਸੂਲੀ ਦੇ ਕੰਮ ਦਾ ਜਾਇਜ਼ਾ ਲਿਆ ਅਤੇ 30 ਸਤੰਬਰ ਤੱਕ ਸ਼ਹਿਰ ਵਾਸੀਆਂ ਨੂੰ 10 ਫੀਸਦੀ ਛੋਟ ਨਾਲ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਜਾ ਰਹੀਆਂ ਸਹੂਲਤਾਂ ਦਾ ਆਖ਼ਰੀ ਘੰਟੇ ਤੱਕ ਲਾਭ ਦਿੱਤਾ ਜਾਵੇ।
ਸ੍ਰੀ ਵਰਮਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਛੋਟ ਮਿਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਨੂੰ ਵਪਾਰੀ ਵਰਗ ਵੱਲੋਂ ਪ੍ਰਾਪਰਟੀ ਟੈਕਸ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਨੇ ਨਗਰ ਨਿਗਮ ਦਫ਼ਤਰ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦੌਰਾ ਕੀਤਾ ਹੈ। ਨਿਗਮ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਬਜ਼ੁਰਗ ਜਾਂ ਵਿਧਵਾ ਔਰਤਾਂ ਜੋ ਨਿਗਮ ਦਫ਼ਤਰ ਨਹੀਂ ਆ ਸਕਦੇ ਹਨ, ਉਨ੍ਹਾਂ ਨੂੰ ਆਨਲਾਈਨ ਭੁਗਤਾਨ ਦੀ ਸਹੂਲਤ ਅਤੇ ਘਰੋਂ ਹੀ ਅਦਾਇਗੀ ਦੀ ਸਹੂਲਤ ਦਿੱਤੀ ਗਈ ਹੈ। ਇਸ ਮੌਕੇ ਨਗਰ ਨਿਗਮ (ਪ੍ਰਾਪਰਟੀ ਟੈਕਸ ਵਿਭਾਗ) ਦੇ ਸੁਪਰਡੈਂਟ ਅਵਤਾਰ ਕਲਸੀਆਂ ਨੇ ਕਮਿਸ਼ਨ ਦੇ ਮੈਂਬਰ ਨੂੰ ਭਰੋਸਾ ਦਿੱਤਾ ਕਿ ਉਹ ਨਾਗਰਿਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣਗੇ, ਜੋ ਰਿਹਾਇਸ਼ੀ/ਵਪਾਰਕ/ਉਦਯੋਗਿਕ ਜਾਇਦਾਦ ਦਾ ਟੈਕਸ ਦਫ਼ਤਰ ਵਿੱਚ ਜਮਾਂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਨਿੱਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪ੍ਰਾਪਰਟੀ ਟੈਕਸ ਦਾ ਭੁਗਤਾਨ ਪ੍ਰਾਪਤ ਕਰਨ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਕੰਮ ਕਰੇਗਾ। ਟੈਕਸ ਡਿਪਾਜ਼ਿਟ ’ਤੇ 10 ਫੀਸਦੀ ਛੋਟ (ਛੂਟ) ਪ੍ਰਾਪਤ ਕਰਨ ਲਈ ਆਖ਼ਰੀ ਮਿਤੀ 30 ਸਤੰਬਰ ਹੈ।