ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 14 ਦਸੰਬਰ
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਨਿੱਘੀ ਯਾਦ ਨੂੰ ਸਮਰਪਿਤ ਪੈਦਲ ਯਾਤਰਾ ਮੰਡੀ ਗੋਬਿੰਦਗੜ੍ਹ ਦੇ ਪਿੰਡ ਨਸਰਾਲੀ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਛੇਵੀਂ ਪਾਤਸ਼ਾਹੀ ਨਸਰਾਲੀ ਅਤੇ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਸ਼ਾਂਤੀ ਨਗਰ ਅਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਤੋਂ ਸਜਾਈ ਗਈ ਜੋ ਸਾਂਝੇ ਤੌਰ ’ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਈ। ਪਿੰਡ ਕੋਟਲਾ, ਜੰਡਾਲੀ ਤੇ ਡੇਰਾ ਮੀਰ ਮੀਰਾਂ ਤੋਂ ਹੁੰਦੀ ਹੋਈ ਯਾਤਰਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਜਾ ਕੇ ਸੰਪੂਰਨ ਹੋਈ। ਇਸੇ ਦੌਰਾਨ ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਚ 13 ਦਸੰਬਰ ਦੀ ਰਾਤ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਕੁਰਬਾਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੇ ਕਥਾ ਰਾਹੀ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਜਾਣੂ ਕਰਵਾਇਆ।
ਸ਼ਹੀਦੀ ਸਭਾ ਦੀਆਂ ਤਿਆਰੀਆਂ ਮੁਕੰਮਲ
ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿੱਚ 25 ਤੋਂ 28 ਦਸੰਬਰ ਤੱਕ ਹੋਣ ਵਾਲੀ ਸਾਲਾਨਾ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਮੁਕੰਮਲ ਕਰ ਲਿਆ ਗਿਆ ਹੈ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਮ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖ ਕੇ 300 ਦੇ ਕਰੀਬ ਸ਼ਰਧਾਲੂਆਂ ਵੱਲੋਂ ਲੰਗਰਾਂ ਲਈ ਪੱਤਰ ਪ੍ਰਾਪਤ ਹੋਏ ਹਨ।