ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਦਸੰਬਰ
ਦਿੱਲੀ ਤੋਂ ਰਾਜ ਸਭਾ ਮੈਂਬਰ ਡਾ. ਐੱਨਡੀ ਗੁਪਤਾ ਨੇ ਦਾਅਵਾ ਕੀਤਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਜਿੱਤ ਤੋਂ ਬਾਅਦ ਸ਼ਹਿਰ ਵਿਚਲੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਦਾ ਨਿਰਮਾਣ ਪਿੰਡਾਂ ਨੂੰ ਉਜਾੜ ਕੇ ਕੀਤਾ ਗਿਆ ਹੈ। ਅੱਜ ਸ਼ਹਿਰ ਦੇ ਰਹਿੰਦੇ ਪਿੰਡਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ। ਉਹ ਸੀਏ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਅਤੇ ਜਾਤੀਵਾਦ ਦਾ ਬੋਲਬਾਲਾ ਹੈ ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਖਤਮ ਕੀਤਾ ਜਾਵੇਗਾ। ਸ੍ਰੀ ਗੁਪਤਾ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਨੇ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਹੈ ਜਿਸ ਸਦਕਾ ਅੱਜ ਨਗਰ ਨਿਗਮ ਦਾ ਬਜਟ ਵੀ ਪਹਿਲਾਂ ਦੇ ਮੁਕਾਬਲੇ ਕਾਫੀ ਵਧ ਗਿਆ ਹੈ। ਇਸੇ ਤਰਜ਼ ’ਤੇ ਚੰਡੀਗੜ੍ਹ ਦਾ ਵਿਕਾਸ ਕੀਤਾ ਜਾਵੇਗਾ।
ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਿੱਚ ਲੋਕਾਂ ’ਤੇ ਟੈਕਸਾਂ ਦਾ ਬੋਝ ਤਾਂ ਬਹੁਤ ਪਾਇਆ ਗਿਆ ਪਰ ਵਿਕਾਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ 20 ਹਜ਼ਾਰ ਲਿਟਰ ਪਾਣੀ, ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁਰੱਖਿਆ ਸ਼ਹਿਰ ਬਣਾਇਆ ਜਾਵੇਗਾ। ਚੰਡੀਗੜ੍ਹ ‘ਆਪ’ ਦੇ ਪ੍ਰਧਾਨ ਪ੍ਰੇਮ ਗਰਗ ਨੇ ਦੱਸਿਆ ਕਿ ਰਾਜਧਾਨੀ ਵਿੱਚ ਡੰਪਿੰਗ ਗਰਾਊਂਡ ਅਤੇ ਗਾਰਬੇਜ ਕੁਲੈਕਸ਼ਨ ਵੱਡੀ ਸਮੱਸਿਆ ਬਣ ਕੇ ਉਭਰ ਰਹੀ ਹੈ ਜਿਸ ਨੂੰ ਤੁਰੰਤ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।