ਖੇਤਰੀ ਪ੍ਰਤੀਨਿਧ
ਚੰਡੀਗੜ੍ਹ 27, ਅਗਸਤ
ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਸੰਗਠਨਾਤਮਕ ਪੱਧਰ ’ਤੇ ਮਜ਼ਬੂਤ ਕਰਦਿਆਂ ਸੀਨੀਅਰ ਆਗੂ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਬਾਰੇ ਮੁਖੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਉਪ-ਮੁਖੀ ਅਤੇ ਚੰਦਰਮੁਖੀ ਸ਼ਰਮਾ ਨੂੰ ਚੰਡੀਗੜ੍ਹ ਚੋਣ ਪ੍ਰਚਾਰ ਕਮੇਟੀ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਟੀਮ ਚੰਡੀਗੜ੍ਹ ਨੇ ਜਿਸ ਤਰੀਕੇ ਅਤੇ ਇੱਕਜੁੱਟਤਾ ਨਾਲ ਕੰਮ ਕੀਤਾ, ਉਸ ਨਾਲ ਆਮ ਆਦਮੀ ਪਾਰਟੀ ਨੂੰ ਬੂਥ ਪੱਧਰ ਤੱਕ ਕਾਫ਼ੀ ਤਾਕਤ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਅਤੇ ਭਾਜਪਾ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ।