ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 1 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੀ ਮਜ਼ਬੂਤੀ ਤੇ ਅਗਾਮੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਇਥੇ ਪਾਰਟੀ ਦਾ ਪਹਿਲਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਉਨ੍ਹਾਂ ਚੰਡੀਗੜ੍ਹ ਵਿੱਚ ‘ਆਪ’ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਤੇ ਘਰ ਘਰ ਜਾ ਕੇ ਪਾਰਟੀ ਦੇ ਮੈਂਬਰ ਬਣਾਏ। ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਕੇ ਸ਼ਹਿਰ ਦੇ ਲੱਖਾਂ ਨਾਗਰਿਕਾਂ ਤੱਕ ਪੁੱਜਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਨੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਸਾਰੀਆਂ ਅਹਿਮ ਸਹੂਲਤਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚ ਮੁਫ਼ਤ 24 ਘੰਟੇ ਸਾਫ਼ ਪਾਣੀ ਦੀ ਸਪਲਾਈ, ਹਰ ਥਾਂ ਵਾਈ ਫਾਈ, ਕੋਈ ਨਵਾਂ ਟੈਕਸ ਨਹੀਂ, ਵਧੇ ਹੋਏ ਟੈਕਸਾਂ ਵਾਪਸ ਲੈਣ, ਸਟਰੀਟ ਲਾਈਟਾਂ, ਸ਼ਹਿਰ ਨੂੰ ਸੁਰੱਖਿਅਤ ਬਣਾਉਣ ਲਈ ਸੀਸੀਟੀਵੀ ਕੈਮਰੇ ਲਾਉਣ ਅਤੇ ਸੜਕਾਂ ਬਣਾਉਣਾ ਆਦਿ ਸ਼ਾਮਲ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਦੇ ਨਾਲ ਹੀ ਸ਼ਹਿਰ ਦੇ ਹਰੇਕ ਸੈਕਟਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਚੰਡੀਗੜ੍ਹ ਵਿੱਚ ਅਗਾਮੀ ਨਿਗਮ ਚੋਣਾਂ ਵਿੱਚ ‘ਆਪ’ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਆਪਣਾ ਮੇਅਰ ਬਣਾਏਗੀ। ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ‘ਆਪ’ ਚੰਡੀਗੜ੍ਹ ਦੇ ਸੀਨੀਅਰ ਆਗੂ ਹਰਮੋਹਨ ਧਵਨ, ਚੰਡੀਗੜ੍ਹ ਮਾਮਲਿਆਂ ਦੇ ਸਹਿ ਇੰਚਾਰਜ ਪ੍ਰਦੀਪ ਛਾਬੜਾ, ਪ੍ਰਦੇਸ਼ ਕਨਵੀਨਰ ਪ੍ਰੇਮ ਗਰਗ, ਨਗਰ ਨਿਗਮ ਚੋਣ ਮੁਹਿੰਮ ਦੇ ਪ੍ਰਧਾਨ ਚੰਦਰਮੁਖੀ ਸ਼ਰਮਾ, ਮੀਤ ਪ੍ਰਧਾਨ ਵਿਕਰਮ ਧਵਨ, ਜਨਰਲ ਸਕੱਤਰ ਵਿਜੈ ਪਾਲ ਸਿੰਘ, ਖਜ਼ਾਨਚੀ ਪੀਪੀ ਘਈ ਆਦਿ ਹਾਜ਼ਰ ਸਨ।