ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਨਵੰਬਰ
ਆਮ ਆਦਮੀ ਪਾਰਟੀ (‘ਆਪ’) ਦੇ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ ਤੇ ਬਲਜਿੰਦਰ ਕੌਰ ਨੇ ਅੱਜ ਇੱਥੋਂ ਦੇ ਸੈਕਟਰ-77 (ਸੋਹਾਣਾ) ਅਤੇ ਪਿੰਡ ਦੇਸੂਮਾਜਰਾ ਵਿੱਚ ਪਾਣੀ ਦੀਆਂ ਬੇਆਬਾਦ ਟੈਂਕੀਆਂ ਉੱਤੇ ਚੜ੍ਹੇ ਬੇਰੁਜ਼ਗਾਰ ਪੀਟੀਆਈ ਅਧਿਆਪਕ ਅਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਮੁਹਾਲੀ ਵਿੱਚ ਬੇਰੁਜ਼ਗਾਰ ਮਹਿਲਾ ਅਧਿਆਪਕਾ ਸਿਪੀ ਸ਼ਰਮਾ ਮਾਨਸਾ, ਇਕਬਾਲ ਸਿੰਘ ਮਾਨਸਾ ਅਤੇ ਰਜਿੰਦਰ ਸਿੰਘ ਮਘਾਣੀਆਂ ਪਾਣੀ ਦੀ ਟੈਂਕੀ ’ਤੇ ਚੜ੍ਹੇ ਹੋਏ ਹਨ ਜਦੋਂ ਕਿ ਬਾਕੀ ਸਾਥੀ ਟੈਂਕੀ ਦੇ ਥੱਲੇ ਲੜੀਵਾਰ ਧਰਨੇ ’ਤੇ ਬੈਠੇ ਹਨ।
ਅੱਜ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ ‘ਆਪ’ ਆਗੂ ਪ੍ਰਿੰਸੀਪਲ ਬੁੱਧ ਰਾਮ ਅਤੇ ਬਲਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ 646 ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਨਿਯਮਾਂ ਤਹਿਤ ਨੌਕਰੀਆਂ ਦੇਣ ਦੀ ਮੰਗ ਕੀਤੀ। ਬੇਰੁਜ਼ਗਾਰ ਨੌਜਵਾਨਾਂ ਨੇ ਦੱਸਿਆ ਕਿ ਉਹ ਪਿਛਲੇ 25 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ ਪ੍ਰੰਤੂ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸਰਕਾਰ ਦੀ ਬੇਧਿਆਨੀ ਕਾਰਨ ਇਨ੍ਹਾਂ ਨੌਜਵਾਨਾਂ ਨੂੰ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਪਰਗਟ ਸਿੰਘ ਉਚੇਰੀ ਸਿੱਖਿਆ ਮੰਤਰੀ ਬਣਨ ਤੋਂ ਬਾਅਦ ਲਾਪਤਾ ਹੋ ਗਏ ਹਨ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਟੈਂਕੀ ਉੱਤੇ ਚੜ੍ਹੇ ਬੇਰੁਜ਼ਗਾਰਾਂ ਨੂੰ ਪੁਰਾਣੇ ਇਸ਼ਤਿਹਾਰ ਮੁਤਾਬਕ ਭਰਤੀ ਕਰਨ ਦੀ ਗੱਲ ਕਹੀ ਸੀ ਲੇਕਿਨ ਹੁਣ ਸਿੱਖਿਆ ਮੰਤਰੀ ਨੇ ਚੁੱਪ ਵੱਟ ਲਈ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਤੋਂ ਮੰਗ ਕੀਤੀ ਕਿ ਇਸ਼ਤਿਹਾਰ ਮੁਤਾਬਕ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇ ਜਾਂ ਉਹ ਮੁੱਖ ਮੰਤਰੀ ਨੂੰ ਲਿਖਿਆ ਆਪਣਾ ਪੱਤਰ ਵਾਪਸ ਲੈ ਕੇ ਮੀਡੀਆ ਰਾਹੀਂ ਆਪਣਾ ਸਪੱਸ਼ਟੀਕਰਨ ਦੇਣ। ਇਸ ਤੋਂ ਇਲਾਵਾ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਟੈਂਕੀ ਤੋਂ ਥੱਲੇ ਲਾਹ ਕੇ ਸੰਘਰਸ਼ ਖ਼ਤਮ ਕਰਵਾਇਆ ਜਾਵੇ।