ਆਤਿਸ਼ ਗੁਪਤਾ
ਚੰਡੀਗੜ੍ਹ, 31 ਅਗਸਤ
ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ’ਤੇ ਥੋਪੇ ਜਾ ਰਹੇ ਟੈਕਸ ਅਤੇ ਨਿਗਮ ’ਚ ਫੈਲੇ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਨੇ ਨਗਰ ਨਿਗਮ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਿਗਮ ਦਫਤਰ ਵੱਲ ਵੱਧਣ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੇ ਬਾਵਜੂਦ ‘ਆਪ’ ਵਰਕਰਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਹਾਲਾਤ ਤਣਾਅ ਵਾਲੇ ਬਣ ਗਏ। ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ-ਧੂਹ ਵੀ ਹੋਈ ਜਿਸ ਕਾਰਨ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ‘ਆਪ’ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਪ੍ਰਦੀਪ ਛਾਬੜਾ ਅਤੇ ਪ੍ਰਧਾਨ ਪ੍ਰੇਮ ਗਰਗ ਨੇ ਪਾਰਟੀ ਵਰਕਰਾਂ ਵੱਲੋਂ ਕੀਤੇ ਗਏ ਸ਼ਾਂਤਮਈ ਰੋਸ ਪ੍ਰਦਰਸ਼ਨ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਭਾਜਪਾ ਆਗੂਆਂ ਦੀ ਕਥਿਤ ਸ਼ਹਿ ’ਤੇ ਚੰਡੀਗੜ੍ਹ ਦੇ ਲੋਕਾਂ ਕੋਲੋਂ ਸੰਵਿਧਾਨਕ ਹੱਕ ਖੋਹ ਰਹੀ ਹੈ।
ਪਾਣੀ ਤੇ ਸੀਵਰੇਜ ਦੇ ਬਿਲਾਂ ਵਿੱਚ ਕੀਤੇ ਭਾਰੀ ਵਾਧੇ ਖ਼ਿਲਾਫ਼ ਰੋਸ
‘ਆਪ’ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਪ੍ਰਦੀਪ ਛਾਬੜਾ ਨੇ ਕਿਹਾ ਕਿ ਨਿਗਮ ਦਫ਼ਤਰ ’ਚ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਲਾਂਭੇ ਕਰਨ ਲਈ ਆਮ ਆਦਮੀ ਪਾਰਟੀ ਹਰ ਸ਼ਹਿਰੀ ਦੇ ਘਰ ਤੱਕ ਜਾਵੇਗੀ ਅਤੇ ਦਿੱਲੀ ਮਾਡਲ ਰਾਹੀਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਹਰ ਚੰਡੀਗੜ੍ਹ ਵਾਸੀ ਨੂੰ ਦਿੱਤੀ ਜਾਵੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਕਲੋਨੀਆਂ ਦੇ ਵਸਨੀਕ ਸਹੂਲਤਾਂ ਤੋਂ ਸੱਖਣੀ ਜ਼ਿੰਦਗੀ ਜੀਅ ਰਹੇ ਹਨ। ਇਨ੍ਹਾਂ ਕਲੋਨੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਢੁੱਕਵੀ ਵਿਵਸਥਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਨੇ ਪਾਣੀ ਅਤੇ ਸੀਵਰੇਜ ਦੇ ਬਿਲਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ ਜਿਸ ਕਾਰਨ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਪਾਰਟੀ ਦੇ ਚੰਡੀਗੜ੍ਹ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ। ਜ਼ਿਕਰਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਧਾਰਾ 144 ਲਗਾਈ ਹੋਈ ਹੈ ਤੇ ਪ੍ਰਦਰਸ਼ਨ ਕਰਨ ਜਾਂ ਜਨਤਕ ਇਕੱਠ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ‘ਆਪ’ ਵਰਕਰਾਂ ਨੇ ਨਗਰ ਨਿਗਮ ਮੂਹਰੇ ਧਰਨਾ ਦਿੰਦਿਆਂ ਧਾਰਾ 144 ਦੇ ਨਿਯਮਾਂ ਦੀ ਉਲੰਘਣਾ ਕੀਤੀ।