ਖੇਤਰੀ ਪ੍ਰਤੀਨਿਧ
ਐਸ.ਏ.ਐਸ. ਨਗਰ (ਮੁਹਾਲੀ), 1 ਮਈ
ਪੰਚਾਇਤੀ ਰਾਜ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਵੱਲੋਂ ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਪਿਛਲੇ 89 ਦਿਨਾਂ ਤੋਂ ਇੱਥੋਂ ਦੇ ਫੇਜ਼ ਵਿਖੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿਖੇ ਲਗਾਇਆ ਧਰਨਾ ਵਿਭਾਗ ਵੱਲੋਂ ਪੰਜ ਮਹੀਨਿਆਂ ਦੀਆਂ ਪੈਨਸ਼ਨਾਂ ਮੁਹੱਈਆ ਕਰਾਉਣ ਉਪਰੰਤ ਅੱਜ ਸਮਾਪਤ ਹੋ ਗਿਆ। ਪੈਨਸ਼ਨਰਾਂ ਨੇ ਇਸ ਮੌਕੇ ਜੇਤੂ ਰੈਲੀ ਕੀਤੀ ਅਤੇ ਲੱਡੂ ਵੀ ਵੰਡੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਗੀਰ ਸਿੰਘ ਢਿੱਲੋਂ ਹੰਸਾਲਾ, ਗੁਰਮੇਲ ਸਿੰਘ ਰਾਜਪੁਰਾ, ਨਰਿੰਦਰ ਸਿੰਘ ਚਮਕੌਰ ਸਾਹਿਬ, ਮਾਨ ਸਿੰਘ, ਹਰਬੰਸ ਸਿੰਘ ਪਟਿਆਲਾ ਅਤੇ ਸਰਬਜੀਤ ਸਿੰਘ ਫਰੀਦਕੋਟ ਨੇ ਪੰਚਾਇਤ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਵਿਭਾਗ ਨੂੰ ਪੈਨਸ਼ਨਰਾਂ ਲਈ 2 ਅਪਰੈਲ ਨੂੰ ਫੰਡ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਪੰਚਾਇਤ ਵਿਭਾਗ ਨੇ 27 ਅਪਰੈਲ ਨੂੰ ਪੈਨਸ਼ਨਰਾਂ ਦੇ ਖਾਤਿਆਂ ਵਿੱਚ ਪੈਸੇ ਭੇਜੇ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਨੇ ਪੈਨਸ਼ਨਰਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ।
ਪੈਨਸ਼ਨਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਪੈਨਸ਼ਨ ਨਾ ਮਿਲੀ ਅਤੇ ਉਨ੍ਹਾਂ ਦੀ ਬਾਕੀ ਮੰਗਾਂ ਜਿਨ੍ਹਾਂ ਵਿੱਚ ਪੈਨਸ਼ਨ ਲਾਉਣ ਨੂੰ ਸਮਾਂਬੱਧ ਕਰਨਾ, ਪੂਰੀ ਸਰਵਿਸ ਦੀ ਪੈਨਸ਼ਨ ਦੇਣ, ਸੱਤਰ ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਬੁਢਾਪਾ ਭੱਤਾ ਦੇਣ, ਬਾਕੀ ਵਿਭਾਗਾਂ ਦੇ ਪੈਨਸ਼ਨਰਾਂ ਵਾਂਗ ਐਲਟੀਸੀ ਦੀ ਸਹੂਲਤ ਮੁਹੱਈਆ ਕਰਾਉਣ ਦੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਦੁਬਾਰਾ ਧਰਨਾ ਲਾਉਣ ਤੋਂ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਖ਼ਿਲਾਫ਼ ਫ਼ਰੰਟ ਖੋਲ੍ਹਣ ਦੀ ਵੀ ਚਿਤਾਵਨੀ ਦਿੱਤੀ।