ਆਤਿਸ਼ ਗੁਪਤਾ
ਚੰਡੀਗੜ੍ਹ, 21 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਰਿਵਾੜੀ ਵਿੱਚ ‘ਆਪ’ ਉਮੀਦਵਾਰ ਸਤੀਸ਼ ਯਾਦਵ ਤੇ ਮਹਿਮ ਵਿੱਚ ਵਿਕਾਸ ਨਹਿਰਾ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ ਗਏ ਜਦੋਂ ਕਿ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਸੁਹਾਨਾ ’ਚ ਧਰਮਿੰਦਰ ਖਤਾਨ ਅਤੇ ਝੱਜਰ ਵਿੱਚ ਮਹਿੰਦਰ ਦਹੀਆ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਸ੍ਰੀ ਮਾਨ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ ਪੂਰੇ ਦੇਸ਼ ਨਾਲੋਂ ਵੱਧ ਹੈ। ਭਾਜਪਾ ਨੇ ਰੁਜ਼ਗਾਰ ਦੇਣ ਦੇ ਨਾਮ ’ਤੇ ਅਗਨੀਵੀਰ ਯੋਜਨਾ ਲਿਆ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ‘ਆਪ’ ਸਰਕਾਰ ਨੇ ਪੰਜਾਬ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। ਇਸੇ ਤਰਜ਼ ’ਤੇ ਹਰਿਆਣਾ ਵਿੱਚ ਸਰਕਾਰ ਬਣਨ ’ਤੇ ਵੀ ਇੱਥੋਂ ਦੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਹੈ। 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਨੇ 10 ਸਾਲਾਂ ਵਿੱਚ ਹਰਿਆਣਾ ਦੀ ਹਾਲਤ ਵਿਗਾੜ ਕੇ ਰੱਖ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦੇਸ਼ ਵਿੱਚ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਪੱਛੜ ਰਿਹਾ ਹੈ, ਜਦੋਂ ਕਿ ‘ਆਪ’ ਇਨ੍ਹਾਂ ਮੁੱਦਿਆਂ ’ਤੇ ਪਹਿਲ ਦੇ ਆਧਾਰ ’ਤੇ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ ਵਿੱਚ ਪਹਿਲ ਦੇ ਆਧਾਰ ’ਤੇ ਕੰੰਮ ਕੀਤੇ ਜਾਣਗੇ।