ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 18 ਜੂਨ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੁਆਧੀ ਹਲਕਾ ਮੁਹਾਲੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਦੇਸ਼-ਵਿਆਪੀ ਕਿਸਾਨ-ਮਜ਼ਦੂਰ ਅੰਦੋਲਨ ਦੇ ਹਮਾਇਤ ਵਿੱਚ ਸ਼ੁਰੂ ਕੀਤੀ ਭੁੱਖ-ਹੜਤਾਲ ਵਿੱਚ ਅੱਜ 11ਵੇਂ ਦਿਨ ਵੀ ਜਾਰੀ ਰਹੀ। ਅੱਜ ਆਜ਼ਾਦ ਗਰੁੱਪ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਦੀ ਅਗਵਾਈ ਹੇਠ ਬੀਬੀਆਂ ਨੇ ਭੁੱਖ ਹੜਤਾਲ ’ਤੇ ਬੈਠ ਕੇ ਧਰਨੇ ਦਾ ਮੋਰਚਾ ਸੰਭਾਲਿਆ। ਅੱਜ ਕੌਂਸਲਰ ਹਰਜਿੰਦਰ ਕੌਰ ਸਮੇਤ ਗੁਰਮੀਤ ਕੌਰ, ਰਾਜਵੀਰ ਕੌਰ ਗਿੱਲ, ਅਰੁਣਾ ਵਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ ਸਾਰੀਆਂ ਕੌਂਸਲਰ ਸਵੇਰੇ ਭੁੱਖ-ਹੜਤਾਲ ’ਤੇ ਬੈਠੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭੁੱਖ-ਹੜਤਾਲ ’ਤੇ ਬੈਠੀਆਂ ਇਨ੍ਹਾਂ ਬੀਬੀਆਂ ਨੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਿਆਂ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਹਿਲਾ ਕੌਂਸਲਰਾਂ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਹੁਣ ਤੱਕ ਜਿੰਨੇ ਵੀ ਧਾਰਮਿਕ, ਸਮਾਜਿਕ, ਰਾਜਨੀਤਕ ਸੰਘਰਸ਼ ਹੋਏ ਹਨ, ਉਨ੍ਹਾਂ ਵਿੱਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।