ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 11 ਅਗਸਤ
ਖੇਤੀ ਟੈਕਨੋਕਰੇਟਸ ਵੱਲੋਂ ਮੰਗਾਂ ਮਨਵਾਉਣ ਲਈ ਇਥੋਂ ਦੇ ਖੇਤੀ ਭਵਨ ਦੇ ਬਾਹਰ ਅੱਜ ਧਰਨੇ ਦੀ ਅਗਵਾਈ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਬੀਰ ਸਿੰਘ ਸੰਧੂ ਨੇ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਟੈਕਨੋਕਰੇਟਸ ਦੇ ਗੁੱਟ ਅੱਜ ਰੱਖੜੀਆਂ ਤੋਂ ਸੁੰਨੇ ਰਹੇ ਅਤੇ ਉਨ੍ਹਾਂ ਦੀਆਂ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀਆਂ ਬੰਨ੍ਹਣ ਲਈ ਉਡੀਕਦੀਆਂ ਰਹੀਆਂ ਪਰ ਉਹ ਧਰਨੇ ’ਤੇ ਡਟੇ ਰਹੇ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਅਸਾਮੀਆਂ ’ਤੇ ਘੱਟ ਯੋਗਤਾ ਵਾਲੇ ਖੇਤੀਬਾੜੀ ਵਿਸਥਾਰ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੇਠਲੇ ਕਾਡਰ ਦੀਆਂ ਉਪਰਲੇ ਕਾਡਰ ਵਿੱਚ ਕੀਤੀਆਂ ਬਦਲੀਆਂ ਦਾ ਸਰਕਾਰ ਗੰਭੀਰ ਨੋਟਿਸ ਨਹੀਂ ਲੈ ਰਹੀ। ਉਨ੍ਹਾਂ ਇਸ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ।