ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 5 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਇੱਥੋਂ ਦੇ ਸੈਕਟਰ-82 ਸਥਿਤ ਸਨਅਤੀ ਪਲਾਟ ਨੰਬਰ-92 ਵਿੱਚ ਪਾਰਟੀ ਦਾ ਮੁੱਖ ਦਫ਼ਤਰ ਖੋਲ੍ਹਿਆ ਗਿਆ ਹੈ। ਜਿਸ ਦਾ ਉਦਘਾਟਨ ਬੁੱਧਵਾਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਅੱਜ ਨਵੇਂ ਦਫ਼ਤਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੀ ਆਰੰਭਤਾ ਤੋਂ ਬਾਅਦ ਸ੍ਰੀ ਢੀਂਡਸਾ ਨੇ ਹਾਜ਼ਰ ਆਗੂਆਂ ਨਾਲ ਖੇਤੀ ਕਾਨੂੰਨਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਹਿੱਤ ਵਿੱਚ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ ਗਿਆ ਹੈ।
ਇਸ ਮੁਲਾਕਤਾ ਦੌਰਾਨ ਕਿਸਾਨਾਂ ਦੀਆਂ ਮੰਗਾਂ ਅਤੇ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਇਕਪਾਸੜ ਕਾਰਵਾਈ ਕਰਦਿਆਂ ਧੱਕੇਸ਼ਾਹੀ ਨਾਲ ਲਾਗੂ ਕੀਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਖਾਲਸਾ ਪੰਥ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਪਾਰਟੀ ਦੇ ਮੁੱਖ ਦਫ਼ਤਰ ਤੋਂ ਸਿਆਸੀ ਗਤੀਵਿਧੀਆਂ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਤੋਂ ਆਗਿਆ ਅਤੇ ਓਟ ਆਸਰਾ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਦੇ ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਇਸ ਮਗਰੋਂ ਨਵੇਂ ਦਫ਼ਤਰ ਦੇ ਉਦਘਾਟਨ ਦੀ ਰਸਮ ਨਿਭਾਈ ਜਾਵੇਗੀ।