ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਫਰਵਰੀ
ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਸੋਹਲ ਨੇ ਵੀ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬੀਸੀ ਸੈੱਲ) ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਸ੍ਰੀ ਸੋਹਲ ਨੇ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਸਿਆਸੀ ਸਰਗਰਮੀ ਨਹੀਂ ਦਿਖਾਈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਲਾਕ ਸਮਿਤੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਮੌਲੀ ਬੈਦਵਾਨ ਵੀ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਸੀ। ਅਵਤਾਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਹੁਣ ਵਫ਼ਾਦਾਰ ਵਰਕਰਾਂ ਦੀ ਪੁੱਛ ਪ੍ਰਤੀਤ ਨਹੀਂ ਰਹੀ ਬਲਕਿ ਚਾਪਲੂਸਾਂ ਅਤੇ ਦਗਾਬਾਜ਼ ਆਗੂਆਂ ਦਾ ਬੋਲਬਾਲਾ ਹੈ ਜਿਸ ਕਾਰਨ ਉਨ੍ਹਾਂ ਨੂੰ ਅਕਾਲੀ ਦਲ ਛੱਡਣ ਲਈ ਮਜਬੂਰ ਹੋਣਾ ਪਿਆ ਹੈ।
ਉਧਰ, ਗੁਰਮੁੱਖ ਸਿੰਘ ਸੋਹਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਪਾਰਟੀ ਦੀਆਂ ਜ਼ਿੰਮੇਵਾਰੀ ਤੋਂ ਖ਼ੁਦ ਨੂੰ ਮੁਕਤ ਕਰ ਰਹੇ ਹਨ। ਗੁਰਮੁੱਖ ਸੋਹਲ ਵੱਲੋਂ ਭਾਵੇਂ ਆਪਣੇ ਅਸਤੀਫ਼ੇ ਦਾ ਕਾਰਨ ਨਿੱਜੀ ਦੱਸਿਆ ਗਿਆ ਹੈ ਪ੍ਰੰਤੂ ਸੂਤਰ ਦੱਸਦੇ ਹਨ ਕਿ ਉਹ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਤੋਂ ਕਾਫ਼ੀ ਨਾਰਾਜ਼ ਚੱਲ ਰਹੇ ਸਨ।