ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 17 ਜਨਵਰੀ
ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਬਗਾਵਤੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਸਕੱਤਰ ਜਨਰਲ ਕਮਲਜੀਤ ਸਿੰਘ ਬੈਦਵਾਨ ਅਤੇ ਹੋਰਨਾਂ ਆਗੂਆਂ ਨੇ ਮੁਹਾਲੀ ਤੋਂ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਨੂੰ ਅਕਾਲੀ ਦਲ ਦੀ ਟਿਕਟ ਦੇਣ ਵਿਰੁੱਧ ਬਗਾਵਤ ਸ਼ੁਰੂ ਕਰ ਦਿੱਤੀ ਹੈ।
ਇੱਥੇ ਅੱਜ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਹਾਈ ਕਮਾਂਡ ਨੇ ਜਿਸ ਲੋਕਲ ਆਗੂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਹ ਪਾਰਟੀ ਦਾ ਵਫ਼ਾਦਾਰ ਸਿਪਾਹੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਕਤ ਆਗੂ ਨੇ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਨੂੰ ਪਿੱਠ ਦਿਖਾ ਕੇ ਆਜ਼ਾਦ ਚੋਣਾਂ ਲੜੀਆਂ ਸਨ। ਆਗੂਆਂ ਕਿਹਾ ਕਿ ਇਸ ਸਬੰਧੀ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਘੱਟੋ-ਘੱਟ ਅੱਠ ਮੀਟਿੰਗਾਂ ਕਰ ਚੁੱਕੇ ਹਨ ਅਤੇ ਹਲਕੇ ਦੀ ਸੱਤ ਮੈਂਬਰੀ ਕਮੇਟੀ ਵੱਲੋਂ ਅਵਤਾਰ ਸਿੰਘ ਮੌਲੀ ਅਤੇ ਕਮਲਜੀਤ ਸਿੰਘ ਬੈਦਵਾਨ ਨੂੰ ਟਿਕਟ ਦੇਣ ਦਾ ਸੁਝਾਅ ਦਿੱਤਾ ਗਿਆ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਹਾਈ ਕਮਾਂਡ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਅਤੇ ਪਰਵਿੰਦਰ ਸਿੰਘ ਨੂੰ ਟਿਕਟ ਦੇ ਦਿੱਤੀ। ਆਗੂਆਂ ਨੇ ਹਾਈ ਕਮਾਂਡ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਮੁਹਾਲੀ ਸੀਟ ਦੀ ਟਿਕਟ ਬਾਰੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਉਨ੍ਹਾਂ ਦੀ ਗੱਲ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਹ ਦੋ ਦਿਨ ਬਾਅਦ ਕੋਈ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ।
ਇਸ ਮੌਕੇ ਬੀਬੀ ਕਸ਼ਮੀਰ ਕੌਰ, ਸੀਨੀਅਰ ਯੂਥ ਆਗੂ ਸੁਖਵਿੰਦਰ ਸਿੰਘ ਛਿੰਦੀ, ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਬੜੀ, ਹੈਪੀ ਸਨੇਟਾ, ਜਸਪਾਲ ਸਿੰਘ, ਸਤਨਾਮ ਸਿੰਘ ਲਾਂਡਰਾਂ, ਭੁਪਿੰਦਰ ਸਿੰਘ ਮੌਲੀ, ਬਲਵਿੰਦਰ ਸਿੰਘ ਲਖਨੌਰ, ਬਹਾਦਰ ਸਿੰਘ ਦੋਵੇਂ ਸਰਕਲ ਪ੍ਰਧਾਨ ਤੇ ਬਿੰਨੀ ਮੌਲੀ ਵੀ ਮੌਜੂਦ ਸਨ।
ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਵੱਲੋਂ ਚੋਣ ਪ੍ਰਚਾਰ ਤੇਜ਼
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਬਜ਼ੁਰਗ ਔਰਤਾਂ ਤੋਂ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੇ 5 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਕੀਤਾ ਜਦੋਂ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਮੁਹਾਲੀ ਕੌਮਾਂਤਰੀ ਏਅਰਪੋਰਟ ਬਣਾਉਣ ਸਮੇਤ ਰਿਕਾਰਡ ਤੋੜ ਵਿਕਾਸ ਕੰਮ ਕੀਤੇ ਹਨ। ਇਸੇ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ ਨੇ ਵੀ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।