ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਰਕਾਰੀ ਹਸਪਤਾਲਾਂ ’ਚ ਖਾਲੀ ਅਸਾਮੀਆਂ ਭਰਨ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਆਦਿ ਮੰਗਾਂ ਲਈ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਡਾਕਟਰਾਂ ਦੀਆਂ ਮੰਗਾਂ ਪ੍ਰਤੀ ‘ਆਪ’ ਸਰਕਾਰ ਵੱਲੋਂ ਅਪਣਾਏ ਰਵੱਈਏ ਦੀ ਨਿਖੇਧੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਫੌਰੀ ਪ੍ਰਵਾਨ ਕਰ ਕੇ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਸਟਾਫ਼ ਦੀ ਘਾਟ ਕਾਰਨ ਪਹਿਲਾਂ ਹੀ ਅਨੇਕਾਂ ਦੁਸ਼ਵਾਰੀਆਂ ਦਾ ਸਾਹਮਣਾ ਕਰਦੇ ਮਰੀਜ਼ਾਂ ਨੂੰ ਡਾਕਟਰਾਂ ਦੀ ਹੜਤਾਲ ਕਾਰਨ ਹੋਰ ਵੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਸਰਕਾਰੀ ਹਸਪਤਾਲਾਂ ਨੂੰ ਬਚਾਉਣ ਦਾ ਸੰਘਰਸ਼ ਹੈ।