ਆਤਿਸ਼ ਗੁਪਤਾ
ਚੰਡੀਗੜ੍ਹ, 7 ਸਤੰਬਰ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ’ਤੇ ਪ੍ਰਫੁੱਲਿਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਯੂਟੀ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਦੀ ਸਵਦੇਸ਼ ਦਰਸ਼ਨ ਸਕੀਮ 2.0 ਤਹਿਤ ਵਿਕਸਿਤ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉੱਥੇ ਹੀ ਯੂਟੀ ਪ੍ਰਸ਼ਾਸਨ ਵੱਲੋਂ ਸੰਯੁਕਤ ਰਾਸ਼ਟਰ ਦੀ ਮਦਦ ਨਾਲ ‘ਸੈਰ-ਸਪਾਟਾ ਵਿਜ਼ਨ ਦਸਤਾਵੇਜ਼ 2047’ ਤਿਆਰ ਕੀਤਾ ਗਿਆ ਹੈ। ਇਸ ਨਾਲ ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ’ਤੇ ਵਿਆਪਕ ਲੜੀ ਵਿੱਚ ਵਿਕਸਤ ਕੀਤਾ ਜਾਵੇਗਾ। ਇਸ ਲਈ ਕੇਂਦਰ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਵੱਲੋਂ ਨਿਯੁਕਤ ਕੀਤੇ ਗਏ ਸਲਾਹਕਾਰ ਦੀ ਦੇਖ-ਰੇਖ ਹੇਠ ਯੂਟੀ ਪ੍ਰਸ਼ਾਸਨ ਵੱਲੋਂ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ, ਹੈਦਰਾਬਾਅਦ, ਬੰਗਲੂਰੂ, ਮੁੰਬਈ, ਚੇਨੱਈ ਤੇ ਅਹਿਮਦਾਬਾਦ ਵਰਗੇ ਸ਼ਹਿਰ ਸੈਰ ਸਪਾਟੇ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾ ਚੁੱਕੇ ਹਨ। ਹੁਣ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਬਿਊਟੀਫੁੱਲ ਚੰਡੀਗੜ੍ਹ ਨੂੰ ਵੀ ਉਕਤ ਸ਼ਹਿਰਾਂ ਦੀ ਤਰਜ਼ ’ਤੇ ਕੌਮਾਂਤਰੀ ਪੱਧਰ ’ਤੇ ਵਿਕਸਤ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਚੰਡੀਗੜ੍ਹ ਦੀ ਸੁੰਦਰਤਾ, ਆਰਕੀਟੈਕਟਰ, ਸੱਭਿਆਚਾਰ, ਆਰਕਸ਼ਣ ਨੂੰ ਪੇਸ਼ ਕਰਦੀ ਇਕ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਦੇ ਆਧਾਰ ’ਤੇ ਚੰਡੀਗੜ੍ਹ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਹੋਰ ਪ੍ਰਫੁੱਲਤ ਕੀਤਾ ਜਾਵੇਗਾ। ਇਸ ਨਾਲ ਚੰਡੀਗੜ੍ਹ ਨੂੰ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ ਬਣਾਇਆ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਤਿਆਰ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿੱਚ ਇਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਕਾਨਫਰੰਸਾਂ ਲਈ ਕਨਵੈਨਸ਼ਨ ਸੈਂਟਰ ਨਹੀਂ ਹਨ। ਇਸ ਲਈ ਕਨਵੈਨਸ਼ਨ ਸੇਂਟਰ ਦੀ ਸਥਾਪਨਾ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਯੂਟੀ ਪ੍ਰਸ਼ਾਸਨ ਵੱਲੋਂ ਸੰਯੁਕਤ ਰਾਸ਼ਟਰ ਦੇ ਸਹਿਯੋਗ ਨਾਲ ਚੰਡੀਗੜ੍ਹ ਨੂੰ ਦੁਨੀਆਂ ਭਰ ਵਿੱਚ ਸੈਰ ਸਪਾਟੇ ਦੇ ਖੇਤਰ ਦੀ ਪ੍ਰਫੁੱਲਿਤ ਥਾਵਾਂ ਵਿੱਚੋਂ ਇਕ ਬਨਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸ ਲਈ ਯੂਟੀ ਪ੍ਰਸ਼ਾਸਨ ਨੇ ਸੰਯੁਕਤ ਰਾਸ਼ਟਰ ਦੇ ਸਹਿਯੋਗ ਨਾਲ ਸੈਰ-ਸਪਾਟਾ ਵਿਜ਼ਨ ਦਸਤਾਵੇਜ਼ 2047 ਤਿਆਰ ਕੀਤਾ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਵਿਕਸਤ ਕਰਨ ਲਈ ਹਰ ਪੱਖ ਤੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਸੈਲਾਨੀਆਂ ਦੀ ਆਮਦ ਵਧੇਗੀ, ਜਿਸ ਨਾਲ ਚੰਡੀਗੜ੍ਹ ਦੇ ਕਾਰੋਬਾਰ ਵਿੱਚ ਵੀ ਵਾਧਾ ਹੋਵੇਗਾ।