ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਜੁਲਾਈ
ਪੰਜਾਬ ਵਿੱਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਅਤੇ ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਅਤੇ ਬਹੁਜਨ ਸਮਾਜ ਪਾਰਟੀ ਦੇ ਕਾਰਕੁਨਾਂ ਵੱਲੋਂ 66 ਕੇਵੀ ਗਰਿੱਡ ਸਬ-ਸਟੇਸ਼ਨ ਮੁਹਾਲੀ ਵਿੱਚ ਐਕਸੀਅਨ ਦਫ਼ਤਰ ਦੇ ਬਾਹਰ ਅੱਜ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਰੋਸ ਧਰਨਾ ਕੰਵਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਦੀ ਸ਼ਹਿਰੀ ਦੇ ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ।
ਇਸ ਮੌਕੇ ਐੱਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੇ ਕਿਹਾ ਕਿ ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਤੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ ਅਤੇ ਬਿਜਲੀ ਬੋਰਡ ਵੱਲੋਂ ਦੇਸ਼ ਭਰ ਵਿੱਚ ਸਭ ਤੋਂ ਮਹਿੰਗੀ ਬਿਜਲੀ ਵੇਚੇ ਜਾਣ ਦੇ ਬਾਵਜੂਦ ਲੋਕਾਂ ਨੂੰ ਲੋੜੀਂਦੀ ਬਿਜਲੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਸਰਕਾਰ ਦੇ ਰਾਜ ਨੂੰ ਯਾਦ ਕਰਦੇ ਹਨ ਜਦੋਂ ਕਦੇ ਵੀ ਬਿਜਲੀ ਕੱਟ ਨਹੀਂ ਲੱਗਦਾ ਸੀ। ਉਨ੍ਹਾਂ ਕਿਹਾ ਕਿ ਸੁੱਤੀ ਪਈ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮਹਿਲਾ ਇਕਾਈ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪ੍ਰਦੀਪ ਸਿੰਘ ਭਾਰਜ, ਇੰਜਨੀਅਰ ਜਸਪਾਲ ਸਿੰਘ, ਮਨਜੀਤ ਸਿੰਘ ਮਾਨ, ਕਰਮਜੀਤ ਸਿੰਘ ਬਬਰਾ, ਹਰਪਾਲ ਸਿੰਘ ਬਰਾੜ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ।
ਅਮਲੋਹ (ਰਾਮ ਸਰਨ ਸੂਦ): ਅਕਾਲੀ-ਬਸਪਾ ਵਰਕਰਾਂ ਨੇ ਅੱਜ ਇਥੇ ਪਾਵਰਕੌਮ ਗਰਿੱਡ ਅੱਗੇ ਅਮਲੋਹ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਬਸਪਾ ਦੇ ਲੋਕ ਸਭਾ ਹਲਕੇ ਦੇ ਇੰਚਾਰਜ ਕੁਲਵੰਤ ਸਿੰਘ ਮਹਿਤੋ ਦੀ ਅਗਵਾਈ ਹੇਠ ਧਰਨਾ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਹਰ ਫਰੰਟ ’ਤੇ ਫ਼ੇਲ੍ਹ ਹੈ।
ਡਾ. ਦਲਜੀਤ ਸਿੰਘ ਚੀਮਾ ਰੂਪਨਗਰ ਵਿੱਚ ਪੱਖੀਆਂ ਵੰਡਦੇ ਹੋਏ।
ਰੂਪਨਗਰ (ਬਹਾਦਰਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੇ ਪੰਜਾਬ ਵਿੱਚ ਗਹਿਰਾਏ ਬਿਜਲੀ ਸੰਕਟ ਖ਼ਿਲਾਫ਼ ਇਥੇ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪੱਖੀਆਂ ਵੰਡ ਕੇ ਕਾਂਗਰਸ ਸਰਕਾਰ ਵਿਰੁੱਧ ਗੁੱਸੇ ਦਾ ਇਜ਼ਹਾਰ ਕੀਤਾ। ਸਥਾਨਕ ਬੇਲਾ ਚੌਕ ਵਿੱਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਅਕਾਲੀ-ਬਸਪਾ ਵਰਕਰਾਂ ਨੂੰ ਲੈ ਕੇ ‘ਮੁਫ਼ਤ ਪੱਖੀ ਸੇਵਾ’ ਦੇ ਝੰਡੇ ਹੇਠ ਪ੍ਰਦਰਸ਼ਨ ਕਰਕੇ ਪੱਖੀਆਂ ਵੰਡੀਆਂ ਗਈਆਂ। ਇਸ ਉਪਰੰਤ ਪੱਖੀਆਂ ਦੀ ਭਰੀ ਹੋਈ ਗੱਡੀ ਨੂੰ ਹਰੀ ਝੰਡੀ ਦੇ ਕੇ ਰੂਪਨਗਰ ਸ਼ਹਿਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਬਿਜਲੀ ਦੇਣ ਵਿੱਚ ਅਸਫ਼ਲ ਹੋ ਗਈ ਹੈ। ਕਿਸਾਨ ਨੂੰ ਬਿਜਲੀ ਦੀ ਸਖਤ ਲੋੜ ਹੈ ਤੇ ਝੋਨੇ ਦੇ ਖੇਤ ਸੁੱਕ ਰਹੇ ਹਨ ਪਰ ਸਰਕਾਰ ਪੂਰੀ ਮਾਤਰਾ ਵਿੱਚ ਬਿਜਲੀ ਨਹੀਂ ਦੇ ਰਹੀ। ਪਿੰਡਾਂ ਤੇ ਸ਼ਹਿਰਾਂ ਵਿੱਚ ਬਿਜਲੀ ਦੇ ਕੱਟਾਂ ਕਾਰਨ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਬਿਜਲੀ ਕੱਟਾਂ ਕਾਰਨ ਇਨਵਰਟਰ ਵੀ ਜਵਾਬ ਦੇ ਗਏ ਹਨ ਤੇ ਲੋਕਾਂ ਕੋਲ ਪੱਖੀਆਂ ਝੱਲਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ-ਬਸਪਾ ਸਰਕਾਰ ਆਉਣ ’ਤੇ ਲੋਕਾਂ ਨੂੰ 24 ਘੰਟੇ ਬਿਜਲੀ ਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਸਮੇਂ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਛੇ ਮਹੀਨੇ ਹੀ ਰਹਿ ਗਏ ਹਨ ਤੇ ਆਉਣ ਵਾਲੀ ਸਰਕਾਰ ਅਕਾਲੀ-ਬਸਪਾ ਗਠਜੋੜ ਦੀ ਬਣੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਅਤੇ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਵੀ ਸੰਬੋਧਨ ਕੀਤਾ।