ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 5 ਜੁਲਾਈ
ਪੰਜਾਬ ਦੀ ਆਪ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਮਗਰੋਂ ਪਹਿਲੇ ਹੀ ਦਿਨ ਅਨਮੋਲ ਗਗਨ ਮਾਨ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚ ਗਏ। ਇਥੇ ਉਨ੍ਹਾਂ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਲੇਟ ਲਤੀਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਇੰਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਗਗਨ ਅਨਮੋਲ ਮਾਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ’ਤੇ ਪੰਜਾਬ ਪੁਲੀਸ ਦੀ ਟੁੱਕੜੀ ਨੇ ਗਾਰਡ ਆਫ਼ ਆਨਰ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰਨਾਂ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਐਸਡੀਐਮ ਹਰਬੰਸ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।