ਆਤਿਸ਼ ਗੁਪਤਾ
ਚੰਡੀਗੜ੍ਹ, 17 ਮਈ
ਸ਼ਹਿਰ ਵਿੱਚ ਨਸ਼ਿਆਂ ਦੇ ਖਾਤਮੇ ਲਈ ‘ਐਂਟੀ-ਨਾਰਕੋਟਿਕਸ ਟਾਸਕ ਫੋਰਸ’ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫੋਰਸ ਦੀ ਅਗਵਾਈ ਆਈਜੀ ਰੈਂਕ ਦਾ ਅਧਿਕਾਰੀ ਕਰੇਗਾ। ਇਸ ਸਬੰਧ ਵਿੱਚ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕੋਰਡ) ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕੀਤੀ। ਇਸ ਮੌਕੇ ਐੱਨਸੀਬੀ ਦੇ ਡੀਡੀਜੀ ਗਿਆਨੇਸ਼ਵਰ ਸਿੰਘ ਅਤੇ ਯੂਟੀ ਦੇ ਗ੍ਰਹਿ ਸਕੱਤਰ ਨਿਤਿਨ ਯਾਦਵ ਸਣੇ ਪੁਲੀਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿੱਚ ਨਸ਼ਿਆਂ ਦੇ ਨਾਲ-ਨਾਲ ਹੋਰਨਾਂ ਅਪਰਾਧਕ ਗਤੀਵੀਧੀਆਂ ’ਤੇ ਨੱਥ ਪਾਉਣ ’ਤੇ ਜ਼ੋਰ ਦਿੱਤਾ ਗਿਆ। ਸ੍ਰੀ ਧਰਮਪਾਲ ਨੇ ਦੱਸਿਆ ਕਿ ਸ਼ਹਿਰ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਵੱਲੋਂ ‘ਐਂਟੀ ਡਾਰਕ ਨੈੱਟ ਸੈੱਲ’ ਸਥਾਪਿਤ ਕੀਤਾ ਜਾਵੇਗਾ ਤਾਂ ਕਿ ਨਸ਼ਿਆਂ ਦੇ ਵਪਾਰ ਨੂੰ ਰੋਕਿਆ ਜਾ ਸਕੇ। ਇਸ ਸਬੰਧ ਵਿੱਚ ਕਾਲਜਾਂ ਦੇ ਵਿਦਿਆਰਥੀਆਂ ਤੋਂ ਬਤੌਰ ਵਾਲੰਟੀਅਰਜ਼ ਮਦਦ ਲਈ ਜਾਵੇਗੀ।
ਇਸੇ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਐੱਨਸੀਬੀ ਨੇ ਤਸਕਰੀ ਦੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਸਾਂਝੇ ਕੰਟਰੋਲ ਰੂਮ ਦਾ ਨੰਬਰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨੰਬਰ ’ਤੇ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਗੁਪਤ ਰੱਖਿਆ ਜਾਵੇਗਾ। ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਪੁਲੀਸ ਨੂੰ ਚੌਕਸੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗਾ। ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚਲੇ ਕਲੱਬਾਂ ਅਤੇ ਹੋਟਲਾਂ ਵਿੱਚ ਨਸ਼ਿਆਂ ਖ਼ਿਲਾਫ਼ ਪੋਸਟਰ ਲਗਾਏ ਜਾਣਗੇ।
ਮਾਰਚ ਮਹੀਨੇ ਦੇ ਕੰਮਾਂ ਦਾ ਲੇਖਾ-ਜੋਖਾ
ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਸੇਵਾ ਦਾ ਅਧਿਕਾਰ ਐਕਟ ਤਹਿਤ ਬਣੀ ਕਮੇਟੀ ਦੀ ਅੱਜ ਮੀਟਿੰਗ ਹੋਈ। ਸਲਾਹਕਾਰ ਨੇ ਵਿਭਾਗਾਂ ਦੇ ਮੁਖੀਆਂ ਤੋਂ ਮਾਰਚ ਮਹੀਨੇ ਦੇ ਕੰਮਾਂ ਦਾ ਲੇਖਾ-ਜੋਖਾ ਮੰਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੇ ਮਹੀਨੇ ਲੋਕਾਂ ਵੱਲੋਂ ਦਿੱਤੇ ਕੰਮਾਂ ਨੂੰ ਬਕਾਇਆ ਰੱਖਣ ਦੀ ਥਾਂ ਇਨ੍ਹਾਂ ਕੰਮਾਂ ਨੂੰ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਤੈਅ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਗਸਤ 2017 ’ਚ ਚੰਡੀਗੜ੍ਹ ਵਿੱਚ ਲਾਗੂ ਹੋਣ ਵਾਲੇ ਪੰਜਾਬ ਸੇਵਾ ਅਧਿਕਾਰ ਐਕਟ ਵਿੱਚ ਬਦਲਾਅ ਕਰ ਦਿੱਤਾ ਸੀ। ਇਸ ਬਦਲਾਅ ਨਾਲ ਜਿੱਥੇ ਪ੍ਰਸ਼ਾਸਨਿਕ ਕੰਮਾਂ ਵਿੱਚ ਪਾਰਦਰਸ਼ਤਾ ਆਈ ਹੈ, ਉੱਥੇ ਹੀ ਲੋਕਾਂ ਦੇ ਕੰਮ ਵੀ ਸਮੇਂ ਸਿਰ ਹੋਣ ਲੱਗ ਪਏ ਹਨ।