ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 10 ਅਕਤੂਬਰ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਚਾਹਵਾਨ ਵਿਅਕਤੀਆਂ ਕੋਲੋਂ ਅਰਜ਼ੀਆਂ ਮੰਗੀਆਂ ਹਨ। ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ। ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾਂ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਚਾਹਵਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਐੱਸਸੀਓ ਨੰਬਰ-7, ਫੇਜ਼-1 (ਮੁਹਾਲੀ) ਵਿੱਚ 15 ਅਕਤੂਬਰ ਤੱਕ ਅਰਜ਼ੀ ਭੇਜ ਸਕਦੇ ਹਨ।