ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 5 ਸਤੰਬਰ
ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਸ਼ਹੀਦ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 660 ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚੋਂ 453 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਅਸ਼ਵਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਮੰਗਾ ਖਾਨ ਪੁੱਤਰ ਹਮੀਦ ਖਾਨ, ਗੁਰਪ੍ਰੀਤ ਸਿੰਘ ਪੁੱਤਰ ਸਰੋਮ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਸ਼ਾਮਲ ਹਨ। ਇਸ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।