ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਮੁਹਾਲੀ ਪੁਲੀਸ ਨੇ ਅਣਅਧਿਕਾਰਤ ਇਮੀਗਰੇਸ਼ਨ ਦਾ ਕੰਮ ਕਰਨ ਅਤੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕਸ ਦਿੱਤਾ ਹੈ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਨੇ ਰਾਹੁਲ ਅੱਤਰੀ ਨਾਂ ਦੇ ਇਕ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇੱਥੋਂ ਦੇ ਫੇਜ਼-11 ਵਿੱਚ ਵੀਜ਼ਾ ਮਾਸਟਰ ਸਾਲਯੂਸ਼ਨ ਦੇ ਨਾਮ ’ਤੇ ਆਪਣਾ ਦਫ਼ਤਰ ਚਲਾ ਰਿਹਾ ਸੀ ਅਤੇ ਆਪਣੀ ਕੰਪਨੀ ਸਰਕਾਰ ਤੋਂ ਮਾਨਤਾ ਪ੍ਰਾਪਤ ਦੱਸ ਕੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਗੁਮਰਾਹ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਰਾਹੁਲ ਅੱਤਰੀ ਦੇ ਖ਼ਿਲਾਫ਼ 24 ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਿੰਡ ਸੋਹਾਣਾ ਅਤੇ ਫੇਜ਼-10 ਵਿੱਚ ਵੱਖ-ਵੱਖ ਨਾਵਾਂ ’ਤੇ ਦਫ਼ਤਰ ਖੋਲ੍ਹ ਕੇ ਇਮੀਗਰੇਸ਼ਨ ਦਾ ਕੰਮ ਕਰਨ ਵਾਲੇ ਕੁਲਦੀਪ ਸਿੰਘ ਗਿੱਲ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੀ ਡੂੰਘਾਈ ਜਾਂਚ ਪੜਤਾਲ ਕੀਤੀ ਜਾ ਰਹੀ ਹੈ।