ਕਰਮਜੀਤ ਸਿੰਘ ਚਿੱਲਾ
ਬਨੂੜ, 8 ਅਗਸਤ
ਰਾਜਪੁਰਾ ਹਲਕੇ ਦੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਵਿਰੋਧ ਵਿੱਚ ਅੱਜ ਦਿਨ ਚੜ੍ਹਦੇ ਹੀ ਇਲਾਕੇ ਦੇ ਵੱਡੀ ਗਿਣਤੀ ਕਿਸਾਨ ਬਨੂੜ ਦੇ ਸਟੇਡੀਅਮ ਦੇ ਬਾਹਰ ਕੌਮੀ ਮਾਰਗ ਉੱਤੇ ਇਕੱਤਰ ਹੋ ਗਏ। ਹੱਥਾਂ ਵਿੱਚ ਕਿਸਾਨੀ ਝੰਡੇ ਲਈ ਇਕੱਠੇ ਹੋਏ ਇਨ੍ਹਾਂ ਕਿਸਾਨਾਂ ਨੇ ਵਿਧਾਇਕ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇੱਥੇ ਸਟੇਡੀਅਮ ਵਿੱਚ ਹੋਣ ਵਾਲੀ ਮੈਰਾਥਨ ਦਾ ਉਦਘਾਟਨ ਕਰਨਾ ਸੀ।
ਸਵੇਰੇ 6 ਵਜੇ ਦੇ ਕਰੀਬ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਪਤਾ ਲੱਗਦਿਆਂ ਹੀ ਥਾਣਾ ਬਨੂੜ ਦੇ ਮੁਖੀ ਬਲਵਿੰਦਰ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ। ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਤੇ ਸ਼ਹਿਰ ਦੇ ਕਾਂਗਰਸੀ ਆਗੂ ਵੀ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਲੱਖੀ ਅਤੇ ਜਗਜੀਤ ਸਿੰਘ ਜੱਗੀ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨ ਜੋ ਪਹਿਲਾਂ ਕੌਮੀ ਮਾਰਗ ਪਾਸੇ ਖੜ੍ਹ ਕੇ ਪ੍ਰਦਰਸ਼ਨ ਕਰ ਰਹੇ ਸਨ, ਵੀ ਸੜਕ ਵਿਚਾਲੇ ਡਿਵਾਈਡਰ ਉੱਤੇ ਆ ਗਏ। ਇਸ ਦੌਰਾਨ ਥਾਣਾ ਮੁਖੀ ਤੇ ਕਿਸਾਨ ਆਗੂਆਂ ਵਿਚਾਲੇ ਕਾਫ਼ੀ ਬਹਿਸ ਵੀ ਹੋਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਨੂੜ ਪੁਲੀਸ ਨੇ ਸਿਆਸੀ ਦਬਾਅ ਹੇਠ ਬੁੱਢਣਪੁਰ ਦੇ ਉਨ੍ਹਾਂ ਕਿਸਾਨ ਆਗੂਆਂ ਤੇ ਵਰਕਰਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਨੇ ਪਿਛਲੇ ਮਹੀਨੇ ਪਿੰਡ ਬੁੱਢਣਪੁਰ ਵਿੱਚ ਵਿਧਾਇਕ ਸ੍ਰੀ ਕੰਬੋਜ ਦਾ ਵਿਰੋਧ ਕੀਤਾ ਸੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਬੁੱਢਣਪੁਰ ਦੇ ਇੱਕ ਕਾਂਗਰਸੀ ਕਾਰਕੁਨ ਨੇ ਪਹਿਲਾਂ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਦੇ ਪ੍ਰਧਾਨ ਮਨਪ੍ਰੀਤ ਸਿੰਘ ਉੱਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕੀਤਾ ਤੇ ਬਾਅਦ ਵਿੱਚ ਛੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ। ਪੁਲੀਸ ਅਤੇ ਕਾਂਗਰਸੀ ਆਗੂਆਂ ਨੇ ਬੜੀ ਮੁਸ਼ਕਿਲ ਨਾਲ ਕਿਸਾਨਾਂ ਨੂੰ ਸਮਝਾ-ਬੁਝਾ ਕੇ ਸ਼ਾਂਤ ਕੀਤਾ ਅਤੇ ਡਿਵਾਈਡਰ ਤੋਂ ਪਿੱਛੇ ਸੜਕ ਦੇ ਦੂਜੇ ਪਾਸੇ ਭੇਜਿਆ। ਉਪਰੰਤ ਵਿਧਾਇਕ ਸ੍ਰੀ ਕੰਬੋਜ ਨੇ ਮੈਰਾਥਨ ਦਾ ਉਦਘਾਟਨ ਕੀਤਾ ਅਤੇ ਸਟੇਡੀਅਮ ਵਿੱਚ ਹੋਣ ਵਾਲੇ 50 ਲੱਖ ਰੁਪਏ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਸ ਮਗਰੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਿਸਾਨ ਜਥੇਬੰਦੀਆਂ ਦੇ ਉਪਰੋਕਤ ਆਗੂਆਂ ਅਤੇ ਵਿਧਾਇਕ ਕੰਬੋਜ ਵਿਚਾਲੇ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਰਾਜਪੁਰਾ ਦੇ ਡੀਐੱਸਪੀ ਗੁਰਬੰਸ ਸਿੰਘ ਬੈਂਸ ਅਤੇ ਥਾਣਾ ਮੁਖੀ ਨੇ ਵੀ ਸ਼ਿਰਕਤ ਕੀਤੀ। ਕਿਸਾਨ ਆਗੂ ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਮੀਟਿੰਗ ਵਿਚ ਬੁੱਢਣਪੁਰ ਦੇ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਅਤੇ ਕਿਸਾਨ ਆਗੂ ਦੀ ਕੁੱਟਮਾਰ ਦੇ ਮਾਮਲੇ ਵਿੱਚ ਕਾਰਵਾਈ ਕਰਨ ਸਬੰਧੀ ਫੈਸਲਾ ਹੋਇਆ ਹੈ। ਉਨ੍ਹਾਂ ਕਿਹਾ ਕਿ 10 ਅਗਸਤ ਨੂੰ ਡੀਐੱਸਪੀ ਰਾਜਪੁਰਾ ਦੀ ਨਿਗਰਾਨੀ ਹੇਠ ਅਗਲੀ ਮੀਟਿੰਗ ਵਿਚ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਰਾਜਪੁਰਾ ਦੇ ਪ੍ਰਬੰਧਕੀ ਕੰਪਲੈਕਸ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੇਸਾਂ ਨੂੰ ਰੱਦ ਕਰਵਾਉਣ ਸਬੰਧੀ ਦਿੱਤੇ ਗਏ ਭਰੋਸੇ ਮਗਰੋਂ ਕਿਸਾਨ ਜਥੇਬੰਦੀਆਂ ਵੱਲੋਂ 9 ਅਗਸਤ ਨੂੰ ਰਾਜਪੁਰਾ ਦੇ ਤਹਿਸੀਲ ਕੰਪਲੈਕਸ ਦੇ ਕੀਤੇ ਜਾਣ ਵਾਲੇ ਘਿਰਾਓ ਦਾ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਕਿਰਪਾਲ ਸਿਆਊ ਨੇ ਦੱਸਿਆ ਕਿ ਜੇਕਰ ਬੁੱਢਣਪੁਰ ਦੇ ਕਿਸਾਨ ਕਾਰਕੁਨਾਂ ਉੱਤੇ ਦਰਜ ਕੀਤੇ ਝੂਠੇ ਰੱਦ ਨਾ ਹੋਏ ਤਾਂ ਮੁੜ ਤੋਂ ਸੰਘਰਸ਼ ਦਾ ਬਿਗਲ ਵਜਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।