ਆਤਿਸ਼ ਗੁਪਤਾ
ਚੰਡੀਗੜ੍ਹ, 17 ਜੁਲਾਈ
ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਸਿਟੀ ਬਿਊਟੀਫੁਲ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਸ਼ਹਿਰ ਵਾਸੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਵਿਡ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸ਼ਹਿਰ ਵਿੱਚ ਮੁੜ ਕਰਫਿਊ ਲਗਾ ਦਿੱਤਾ ਜਾਵੇਗਾ। ਕੋਵਿਡ-19 ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਕਰੋਨਾ ’ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਅਤੇ ਆਪਣੀ ਸਿਹਤ ਦਾ ਖ਼ੁਦ ਧਿਆਨ ਰੱਖਣ ਲਈ ਪ੍ਰੇਰਿਆ। ਪ੍ਰਸ਼ਾਸਕ ਅਨੁਸਾਰ ਜੇਕਰ ਕਿਸੇ ਨੂੰ ਸਿਹਤ ਖ਼ਰਾਬ ਹੁੰਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸ਼ਹਿਰ ਵਿੱਚ ਕਰੋਨਾ ਦੇ ਕੁੱਲ 660 ਕੇਸ ਹਨ ਜਿਨ੍ਹਾਂ ਵਿੱਚੋਂ 148 ਐਕਟਿਵ ਕੇਸ ਹਨ। ਉਨ੍ਹਾਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਅਤੇ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ। ਇਸ ਤੋਂ ਇਲਾਵਾ ਉਨ੍ਹਾਂ ਪੁਲੀਸ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਵਿਡ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨਾਲ ਹੀ ਕਰੋਨਾ ਤੋਂ ਬਚਿਆ ਜਾ ਸਕਦਾ ਹੈ।
48,598 ਲੋਕਾਂ ਦੀ ਥਰਮਲ ਸਕਰੀਨਿੰਗ
ਡਾਇਰੈਕਟਰ (ਸਿਹਤ ਸੇਵਾਵਾਂ) ਡਾ. ਜੀ. ਦੀਵਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਵੇਖਦਿਆਂ ਸਿਹਤ ਵਿਭਾਗ ਵੱਲੋਂ ਇਕ ਵਾਰ ਫਿਰ ਸ਼ਹਿਰ ਵਿੱਚ ਘਰ-ਘਰ ਜਾ ਕੇ ਥਰਮਲ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਵੱਲੋਂ 2241 ਘਰਾਂ ਵਿੱਚ 48,598 ਲੋਕਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ਵਿੱਚੋਂ 12 ਵਿਅਕਤੀ ਸ਼ੱਕੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ 30 ਮੁਲਾਜ਼ਮਾਂ ਦੀਆਂ 14 ਟੀਮਾਂ ਬਣਾਇਆ ਗਈਆਂ ਹਨ ਜੋ ਘਰ-ਘਰ ਜਾ ਕੇ ਸਕਰੀਨਿੰਗ ਕਰ ਰਹੀਆਂ ਹਨ।