ਕੁਲਦੀਪ ਸਿੰਘ
ਚੰਡੀਗੜ੍ਹ, 6 ਨਵੰਬਰ
ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਊਣ ਉੱਤੇ ਫੌਰੀ ਤੌਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਕ ਦੇ ਸਲਾਹਕਾਰ-ਕਮ-ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਚੇਅਰਪਰਸਨ ਮਨੋਜ ਪਰੀਦਾ ਵੱਲੋਂ ਅੱਜ ਪਾਬੰਦੀ ਦੇ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ ਤੁਰੰਤ ਪ੍ਰਭਾਵ ਨਾਲ ਸ਼ਹਿਰ ਵਿੱਚ ਲਾਗੂ ਕਰ ਦਿੱਤੇ ਗਏ ਹਨ।
ਪਾਬੰਦੀ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਆਈਪੀਸੀ ਦੀ ਧਾਰਾ 188 ਤਹਿਤ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਵਧ ਰਹੇ ਫੈਲਾਅ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਊਣ ਲਈ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਊਣ ਊੱਤੇ ਪਾਬੰਦੀ ਲਗਾਈ ਗਈ ਹੈ।
ਇਸੇ ਦੌਰਾਨ ਪਟਾਕਿਆਂ ਦੀ ਵਿਕਰੀ ਲਈ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ 96 ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਪਟਾਕਿਆਂ ਦੀ ਵਿਕਰੀ ਰੋਕਣ ਲਈ ਵੱਖ-ਵੱਖ ਟੀਮਾਂ ਬਣਾਈਆਂ ਜਾਣਗੀਆਂ ਅਤੇ ਪੁਲੀਸ ਵੱਲੋਂ ਵੀ ਸ਼ਹਿਰ ਵਿੱਚ ਸਖ਼ਤੀ ਵਰਤੀ ਜਾਵੇਗੀ। ਪਾਬੰਦੀ ਦੇ ਹੁਕਮ ਸਖ਼ਤੀ ਨਾਲ ਲਾਗੂ ਕਰਨ ਲਈ ਤਿੰਨੋਂ ਐਸ.ਡੀ.ਐਮਜ਼. ਅਤੇ ਡੀ.ਐੱਸ.ਪੀਜ਼ ਦੀ ਜੁਆਇੰਟ ਐਕਸ਼ਨ ਕਮੇਟੀਆਂ ਵੀ ਕੰਮ ਕਰਨਗੀਆਂ। ਦੱਸਣਯੋਗ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵੀ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਗੰਭੀਰਤਾ ਨਾਲ ਲੈਂਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਸੀ ਜਿਸ ਉਪਰੰਤ ਅੱਜ ਪ੍ਰਸ਼ਾਸਨ ਨੇ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਅਤੇ ਯੂ.ਟੀ. ਕਰੈਕਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਗੁਪਤਾ ਨੇ ਪਾਬੰਦੀ ਦੇ ਹੁਕਮਾਂ ਉੱਤੇ ਇਤਰਾਜ਼ ਕੀਤਾ ਹੈ। ਊਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਪਾਬੰਦੀ ਸਬੰਧੀ ਫੈਸਲਾ ਇਕ ਮਹੀਨਾ ਪਹਿਲਾਂ ਲੈਣਾ ਚਾਹੀਦਾ ਸੀ।