ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਚਾਰ ਦਿਨਾਂ ਤੋਂ ਕਲੱਬਾਂ ਦੇ ਬਾਹਰ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਹੁੱਕਾ ਬਾਰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਜਦਕਿ ਯੂਟੀ ਪ੍ਰਸ਼ਾਸਨ ਵੱਲੋਂ ਇਸ ਦਾ ਕਾਰਨ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣਾ ਦੱਸਿਆ ਜਾ ਰਿਹਾ ਹੈ। ਇਹ ਆਦੇਸ਼ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਜਾਰੀ ਕੀਤੇ ਗਏ ਹਨ ਜੋ ਕਿ 13 ਅਕਤੂਬਰ ਸਵੇਰੇ 12 ਵਜੇ ਤੋਂ ਸ਼ੁਰੂ ਹੋ ਕੇ 12 ਦਸੰਬਰ ਤੱਕ ਜਾਰੀ ਰਹਿਣਗੇ।
ਸ੍ਰੀ ਬਰਾੜ ਨੇ ਦੱਸਿਆ ਕਿ ਸ਼ਹਿਰ ਦੇ ਹੁੱਕਾ ਬਾਰਾਂ ਵਿੱਚ ਤੰਬਾਕੂ ਵਾਲੇ ਹੁੱਕੇ ਵਿੱਚ ਫਲੇਵਰ ਮਿਲਾ ਕੇ ਵਰਤੇ ਜਾਂਦੇ ਹਨ ਜੋ ਕਿ ਹਰ ਕਿਸੇ ਦੀ ਸਿਹਤ ਲਈ ਹਾਨੀਕਾਰਕ ਸਾਬਤ ਹੁੰਦੇ ਹਨ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਤੰਬਾਕੂ ਵਾਲੇ ਹੁੱਕੇ ਵਿੱਚ ਨਸ਼ੀਲੇ ਪਦਾਰਥ ਮਿਲਾ ਕੇ ਵਰਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁੱਕੇ ਦੀ ਵਰਤੋਂ ਕਰਨ ਸਮੇਂ ਇਕੋ ਪਾਈ ਅਤੇ ਕਟੋਰੇ ਨੂੰ ਕਈ ਵਿਅਕਤੀ ਵਰਤੋਂ ਵਿੱਚ ਲਿਆਂਦੇ ਹਨ। ਇਹ ਮਨੁੱਖੀ ਜ਼ਿੰਦਗੀ ਲਈ ਵੀ ਘਾਤਕ ਹਨ ਅਤੇ ਇਸ ਨਾਲ ਕਰੋਨਾ ਦੇ ਫੈਲਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਵੇਖਦਿਆਂ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ, ਬਾਰ ਅਤੇ ਕਲੱਬਾਂ ਸਮੇਤ ਹੋਰਨਾਂ ਥਾਵਾਂ ’ਤੇ ਹੁੱਕੇ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਵਿੱਚ ਧਾਰਾ 144 ਲਾਗੂ ਕਰਕੇ ਹੁੱਕਾ ਬਾਰਾਂ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।