ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ)
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਮਗਰੋਂ ਸਾਰਾ ਦਿਨ ਗੁਰਮਤਿ ਸਮਾਗਮ ਚੱਲਿਆ। ਇਸ ਦੌਰਾਨ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਭਗਤ ਕਬੀਰ ਦੇ ਜੀਵਨ ਬ੍ਰਿਤਾਂਤ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਗੁਰਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਧਰਮ ਸਿੰਘ ਪਟਿਆਲਾ, ਭਾਈ ਹਰਭਜਨ ਸਿੰਘ, ਮਾਤਾ ਸੁੰਦਰ ਕੌਰ ਸਬਰ ਸੇਵਾ ਸੁਸਾਇਟੀ, ਅਕਾਲ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਬੀਬੀ ਉੱਤਮ ਜੀਤ ਕੌਰ, ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।