ਪੱਤਰ ਪ੍ਰੇਰਕ
ਚੰਡੀਗੜ੍ਹ, 7 ਸਤੰਬਰ
ਮਨੁੱਖੀ ਹੱਕਾਂ ਅਤੇ ਮਾਨਵਤਾ ਦੀ ਭਲਾਈ ਲਈ ਸੰਘਰਸ਼ ਕਰਨ ਵਾਲੇ ਮਰਹੂਮ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਬੀਤੀ ਦੇਰ ਸ਼ਾਮ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਜਥੇਬੰਦੀ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਮਨਾਇਆ ਗਿਆ ਜਿਸ ਵਿੱਚ ਹੋਰਨਾਂ ਵਿਦਿਆਰਥੀ ਜਥੇਬੰਦੀਆਂ ਐਸ.ਐਫ.ਐਸ., ਐਸ.ਓ.ਆਈ., ਪੁਸੂ, ਸੋਪੂ, ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ, ਪੀ.ਐਸ.ਯੂ. (ਲਲਕਾਰ) ਨੇ ਵੀ ਸ਼ਮੂਲੀਅਤ ਕੀਤੀ। ‘ਸੱਥ’ ਦੇ ਮੁੱਖ ਸੇਵਾਦਾਰ ਚਰਨਜੀਤ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਭਾਰਤੀ ਸਟੇਟ ਵੱਲੋਂ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਕਤਲ ਕੀਤੇ ਗਏ ਹਜ਼ਾਰਾਂ ਸਿੱਖ ਨੌਜਵਾਨਾਂ ਦੀਆਂ ਅਣਪਛਾਤੀਆਂ ਕਹਿ ਕੇ ਸਾੜੀਆਂ ਗਈਆਂ ਲਾਸ਼ਾਂ ਦਾ ਕੇਸ ਦੁਨੀਆਂ ਸਾਹਮਣੇ ਨਸ਼ਰ ਕੀਤਾ ਸੀ। ਐਸ.ਐਫ.ਐਸ. ਤੋਂ ਸੰਦੀਪ ਨੇ ਕਿਹਾ ਕਿ ਭਾਰਤੀ ਹਕੂਮਤ ਹਮੇਸ਼ਾਂ ਘੱਟ ਗਿਣਤੀਆਂ ਉੱਤੇ ਹਮਲੇ ਕਰਦੀ ਆਈ ਹੈ। ਇਸ ਮੌਕੇ ਪੀਐੱਸਯੂ (ਲਲਕਾਰ) ਤੋਂ ਅਮਨ, ਪੁਸੂ ਤੋਂ ਮਨਦੀਪ ਸਿੰਘ, ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਤੋਂ ਗੁਰਦੀਪ ਸਿੰਘ ਨੇ ਵੀ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਤਿਕਾਰ ਭੇਟ ਕੀਤਾ।