ਹਰਜੀਤ ਸਿੰਘ
ਡੇਰਾਬੱਸੀ, 28 ਮਈ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਗ੍ਰੀਨ ਕੋਰੀਡੋਰ ਬਣਾਉਣ ਦੇ ਨਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਇਲਾਕੇ ਦੇ 25 ਪਿੰਡਾਂ ਦੇ ਹਜ਼ਾਰਾਂ ਕਿਸਾਨਾਂ ਨਾਲ ਮੁਆਵਜ਼ੇ ਦੇ ਨਾਂ ’ਤੇ ਧੋਖਾਧੜੀ ਕਰਨ ਦਾ ਦੋਸ਼ ਲਾਇਆ। ਸ੍ਰੀ ਸ਼ਰਮਾ ਅੱਜ ਚੋਣ ਪ੍ਰਚਾਰ ਦੌਰਾਨ ਈਸਾਪੁਰ, ਕਾਰਕੌਰ, ਅਮਲਾਲਾ, ਚਡਿਆਲਾ, ਪਰਾਗਪੁਰ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਪੁੱਜੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੇ ਦੁੱਖੜੇ ਸੁਣਾਏ। ਇੱਥੇ ਕੇਂਦਰ ਸਰਕਾਰ ਵੱਲੋਂ ਅੰਬਾਲਾ-ਚੰਡੀਗੜ੍ਹ ਹਾਈਵੇਅ ਦੇ ਸਮਾਨਾਂਤਰ ਇੱਕ ਸੜਕ ਬਣਾਈ ਜਾ ਰਹੀ ਹੈ। ਕਿਸਾਨਾਂ ਨੇ ਦੱਸਿਆ ਕਿ ਹਲਕੇ ਦੇ ਪਿੰਡ ਬਾਕਰਪੁਰ ਅਤੇ ਪਰਾਗਪੁਰ ਇੱਕ-ਦੂਜੇ ਦੇ ਨਾਲ ਲੱਗਦੇ ਹਨ। ਇੱਥੇ ਸਰਕਾਰ ਬਾਕਰਪੁਰ ਵਿੱਚ 4 ਕਰੋੜ 65 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੀ ਹੈ ਅਤੇ ਪਰਾਗਪੁਰ ਸਮੇਤ ਦੋ ਦਰਜਨ ਪਿੰਡਾਂ ਵਿੱਚ 1 ਕਰੋੜ 65 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂ ਕਰਮ ਸਿੰਘ ਕਾਰਕੌਰ ਨੇ ਆਮ ਆਦਮੀ ਪਾਰਟੀ ਨੂੰ ਦੋਹਰੇ ਮਾਪਦੰਡ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਵਾਈ ਅਤੇ ਨਾ ਹੀ ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਹੈ। ਸ੍ਰੀ ਸ਼ਰਮਾ ਨੇ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਯੋਜਨਾ ਵਿੱਚ ਕਈ ਖਾਮੀਆਂ ਹਨ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਜਾ ਕੇ ਸਭ ਤੋਂ ਪਹਿਲਾਂ ਮੁਆਵਜ਼ੇ ਵਿੱਚ ਹੋ ਰਹੇ ਵਿਤਕਰੇ ਦਾ ਮੁੱਦਾ ਉਠਾਉਣਗੇ।