ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੈਕਟਰ-33 ਵਿੱਚ ਸਥਿਤ ਭਾਜਪਾ ਦੇ ਦਫ਼ਤਾਰ ਕਮਲਮ ਵਿਚ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਹੋਈ। ਮੀਟਿੰਗ ਰਾਹੀਂ ਭਾਜਪਾ ਆਗੂਆਂ ਨੇ ਅਗਾਮੀਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਭਾਰੀ ਅਤੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੇ ਪਾਰਟੀ ਵਰਕਰਾਂ ਨੂੰ ਭਾਜਪਾ ਦੇ ਵਿਕਾਸ ਕਾਰਜਾਂ ਬਾਰੇ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਪ੍ਰੇਰਿਆ। ਸ੍ਰੀ ਗੌਤਮ ਨੇ ਚੰਡੀਗੜ੍ਹ ਭਾਜਪਾ ਦੇ ਆਗੂਆਂ ਨੂੰ ਮੁਹਾਲੀ ਚੋਣਾਂ ਵਿੱਚ ਪ੍ਰਚਾਰ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਛੇ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਿੱਲੀ ਪੈਟਰਨ ’ਤੇ ਵਨ-ਟਾਈਮ ਸੈਟਲਮੈਂਟ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਗਈ। ਪਿੰਡਾਂ ਵਿੱਚੋਂ ਲਾਲ ਡੋਰਾ ਖਤਮ ਕਰਨ, ਪਾਣੀ ਦੀਆਂ ਕੀਮਤਾਂ ਨੂੰ ਘਟਾਉਣ, ਸੈਕਟਰ-16 ਹਸਪਤਾਲ ਨੂੰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਬਾਰੇ ਮਤਿਆਂ ’ਤੇ ਵਿਚਾਰ ਕੀਤਾ ਗਿਆ ਤੇ ਇਨ੍ਹਾਂ ਨੂੰ ਪਾਸ ਕੀਤਾ ਗਿਆ। ਸ੍ਰੀ ਸੂਦ ਨੇ ਦੱਸਿਆ ਕਿ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮੁੱਦਿਆ ’ਤੇ ਪਹਿਲ ਦੇ ਆਧਾਰ ’ਤੇ ਕੰਮ ਕਰੇਗੀ। ਇਸ ਮੌਕੇ ਦਿਨੇਸ਼ ਕੁਮਾਰ, ਚੰਦਰਸ਼ੇਖਰ, ਰਾਮਵੀਰ ਭੱਟੀ, ਸਤਿਆਪਾਲ ਜੈਨ ਸਮੇਤ ਭਾਜਪਾ ਦੇ ਕਈ ਆਗੂ ਤੇ ਵਰਕਰ ਹਾਜ਼ਰ ਸਨ।