ਪੱਤਰ ਪ੍ਰੇਰਕ
ਐੱਸ ਏ ਐੱਸ ਨਗਰ (ਮੁਹਾਲੀ), 31 ਜੁਲਾਈ
ਭਾਜਪਾ ਦੇ ਸੂਬਾ ਬੁਲਾਰੇ ਬੀਬੀ ਸਵਰਾਜ ਕੌਰ ਘੁੰਮਣ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਬੀਤੀ ਘੁੰਮਣ ਉੱਘੀ ਸਿੱਖਿਆ ਸ਼ਾਸਤਰੀ ਹੋਣ ਦੇ ਨਾਲ-ਨਾਲ ਪ੍ਰਸਿੱਧ ਲੇਖਿਕਾ ਵੀ ਹਨ। ਇੱਥੋਂ ਦੇ ਸੈਕਟਰ-82 ਸਥਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਵਿੱਚ ਇਕ ਸਾਦਾ ਪ੍ਰੋਗਰਾਮ ਕਰਵਾਇਆ ਗਿਆ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਜਸਟਿਸ (ਸੇਵਾਮੁਕਤ) ਨਿਰਮਲ ਸਿੰਘ, ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ ਨੇ ਬੀਬੀ ਘੁੰਮਣ ਦਾ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸ੍ਰੀ ਢੀਂਡਸਾ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ, ਬਾਦਲ ਦਲ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਚੌਥੇ ਫ਼ਰੰਟ ਨੂੰ ਹੋਂਦ ਵਿੱਚ ਲਿਆਉਣ ਲਈ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ।